ਪ੍ਰਕਾਸ਼ ਪੁਰਬ ਸਮਾਗਮ ''ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

10/31/2019 5:15:48 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਈ ਸਮਾਗਮ ਕਰਵਾਏ ਜਾ ਰਹੇ ਹਨ। ਮੁੱਖ ਸਮਾਗਮਾਂ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਮੁੱਖ ਸਮਾਗਮ 'ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।

ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨੇ ਸਮਾਗਮਾਂ ਸਮੇਂ ਹਾਜ਼ਰੀ ਦਾ ਭਰੋਸਾ ਦਿੱਤਾ ਹੈ। ਸੈਂਪਲਾ ਅਨੁਸਾਰ ਸ੍ਰੀ ਖੱਟਰ ਨੇ ਸਮੁੱਚੇ ਵਿਸ਼ਵ 'ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਲਈ ਗੁਰੂ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਇਕ ਖ਼ਾਸ ਮੌਕਾ ਕਰਾਰ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ।

rajwinder kaur

This news is Content Editor rajwinder kaur