ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ

Friday, May 15, 2020 - 05:35 PM (IST)

ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ (ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਤੇ ਸੁਪਰੀਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ।

PunjabKesari

ਇਸੇ ਦੌਰਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਹੈ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ੱਕ ਅੱਜ ਕੋਰੋਨਾ ਕਾਰਨ ਸੰਗਤਾਂ ਦੀ ਆਮਦ ਗੁਰੂ ਘਰਾਂ ਅੰਦਰ ਨਹੀਂ ਹੈ, ਪਰੰਤੂ ਹਰ ਦਿਹਾੜਾ ਪ੍ਰੰਪਰਾ ਅਨੁਸਾਰ ਸੰਕੇਤਕ ਰੂਪ ਵਿਚ ਮਨਾਇਆ ਜਾ ਰਿਹਾ ਹੈ।

PunjabKesari


author

Shyna

Content Editor

Related News