ਸ਼੍ਰੋਮਣੀ ਕਮੇਟੀ ਨੇ ਸ਼ਿਲਾਂਗ ਦੇ ਗੁਰਦੁਆਰਾ ਸਾਹਿਬ ਲਈ ਦਿੱਤੀ 10 ਲੱਖ ਰੁਪਏ ਦੀ ਮਦਦ

Wednesday, Aug 04, 2021 - 08:24 PM (IST)

ਸ਼੍ਰੋਮਣੀ ਕਮੇਟੀ ਨੇ ਸ਼ਿਲਾਂਗ ਦੇ ਗੁਰਦੁਆਰਾ ਸਾਹਿਬ ਲਈ ਦਿੱਤੀ 10 ਲੱਖ ਰੁਪਏ ਦੀ ਮਦਦ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ’ਚ ਨਿਰਮਾਣ ਅਧੀਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਈ 10 ਲੱਖ ਰੁਪਏ ਦੀ ਮਦਦ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਪਿਛਲੀ ਇਕੱਤਰਤਾ ਵੱਲੋਂ ਪ੍ਰਵਾਨ ਕੀਤੀ ਗਈ ਇਸ ਸਹਾਇਤਾ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੂੰ ਸੌਂਪਿਆ। ਇਸ ਮੌਕੇ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਸ਼ਿਲਾਂਗ ਅੰਦਰ ਵੱਸਦੇ ਸਿੱਖਾਂ ਦੀ ਮੰਗ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਈ ਪਹਿਲਾਂ ਵੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਫਿਰ 10 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆ ਅੰਦਰ ਵੱਸਦੇ ਸਿੱਖਾਂ ਦੀ ਕੇਂਦਰੀ ਧਾਰਮਿਕ ਸੰਸਥਾ ਹੈ ਅਤੇ ਇਹ ਸਮੇਂ-ਸਮੇਂ ’ਤੇ ਸਿੱਖਾਂ ਨਾਲ ਖੜ੍ਹਦੀ ਹੈ। ਸ਼ਿਲਾਂਗ ’ਚ ਵੱਸਦੇ ਸਿੱਖਾਂ ’ਤੇ ਜਦੋਂ 2018 ਵਿਚ ਸਥਾਨਕ ਖਾਸੀ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ, ਤਾਂ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਅੱਗੇ ਹੋ ਕੇ ਸਾਰ ਲਈ ਸੀ। ਉਨ੍ਹਾਂ ਸ਼ਿਲਾਂਗ ਦੇ ਸਿੱਖਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਨਾਲ ਹੈ ਅਤੇ ਭਵਿੱਖ ਵਿਚ ਵੀ ਲੋੜ ਅਨੁਸਾਰ ਮੱਦਦਗਾਰ ਰਹੇਗੀ। 

ਇਸ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਸ਼ਿਲਾਂਗ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਿਲਾਂਗ ਦੇ ਸਿੱਖਾਂ ਦਾ ਭਰਵਾਂ ਸਹਿਯੋਗ ਦਿੱਤਾ ਹੈ। ਜੂਨ 2018 ਵਿਚ ਸ਼ਿਲਾਂਗ ਦੇ ਸਿੱਖਾਂ ਦਾ ਉਜਾੜਾ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਉਥੇ ਪੁੱਜ ਕੇ ਸਿੱਖਾਂ ਦੀ ਬਾਂਹ ਫੜ੍ਹੀ ਸੀ, ਜਿਸ ਨਾਲ ਸੰਗਤਾਂ ਨੂੰ ਵੱਡਾ ਧਰਵਾਸ ਮਿਲਿਆ। ਹੁਣ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕਾਰਜ ਸੰਪੰਨ ਹੋਣ ’ਤੇ ਵਿਸ਼ੇਸ਼ ਸਮਾਗਮ ਕਰਵਾ ਕੇ ਪੰਥਕ ਸ਼ਖ਼ਸੀਅਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੂੰ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਵੇਂ ਸਿੱਖਾਂ ਨੂੰ ਉਥੇ ਸਮੇਂ-ਸਮੇਂ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਫਿਰ ਵੀ ਸਿੱਖ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਦੱਸਿਆ ਕਿ ਸ਼ਿਲਾਂਗ ’ਚ ਸਿੱਖਾਂ ਦੇ ਬੱਚੇ ਸਾਬਤ ਸੂਰਤ ਹਨ। 
 


author

Anuradha

Content Editor

Related News