ਸ਼੍ਰੋਮਣੀ ਕਮੇਟੀ 550 ਸਾਲਾਂ ਪ੍ਰਕਾਸ਼ ਪੁਰਬ ਦੀ ਤਰਜ਼ 'ਤੇ ਮਨਾਏਗੀ 3 ਵੱਡੀਆਂ ਸ਼ਤਾਬਦੀਆਂ:ਲੌਂਗੋਵਾਲ

01/25/2020 10:26:56 AM

ਪਟਿਆਲਾ (ਜੋਸਨ): 'ਪੰਥ ਰਤਨ' ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ (ਪਟਿਆਲਾ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਲ 2020 ਦੌਰਾਨ ਮਨਾਈਆਂ ਜਾਣ ਵਾਲੀਆਂ 3 ਵੱਡੀਆਂ ਸ਼ਤਾਬਦੀਆਂ 'ਤੇ ਮੋਹਰ ਲਾ ਦਿੱਤੀ ਹੈ। ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ 'ਚ ਵੱਖ-ਵੱਖ ਮਤੇ ਪੇਸ਼ ਕੀਤੇ ਗਏ। ਇਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100ਵਾਂ ਸਥਾਪਨਾ ਦਿਵਸ ਮਨਾਉਣ ਸਮੇਤ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਲਈ ਹਾਈਪਾਵਰ ਸਬ-ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 2020 'ਚ ਤਿੰਨੇ ਸ਼ਤਾਬਦੀਆਂ 550 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵਾਂਗ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ। ਸ਼ਤਾਬਦੀ ਸਮਾਰੋਹ ਸਬੰਧੀ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਸਮਾਰੋਹਾਂ ਸਬੰਧੀ ਗਠਿਤ ਕੀਤੀ ਜਾਣ ਵਾਲੀ ਸਬ-ਕਮੇਟੀ ਪੂਰਾ ਸਾਲ ਉਲੀਕੇ ਜਾਣ ਵਾਲੇ ਧਾਰਮਕ ਸਮਾਗਮ ਅਤੇ ਸੈਮੀਨਾਰ ਕਰਵਾਉਣ ਦੀ ਰੂਪ-ਰੇਖਾ ਤਿਆਰ ਕਰੇਗੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਮਨਜੀਤ ਸਿੰਘ ਬੱਪੀਆਣਾ, ਪ੍ਰਿਤਪਾਲ ਸਿੰਘ, ਸੁਖਵਰਸ਼ ਸਿੰਘ, ਤੇਜਿੰਦਰਪਾਲ ਸਿੰਘ ਅਤੇ ਅੰਤ੍ਰਿੰਗ ਕਮੇਟੀ ਜਸਮੇਰ ਸਿੰਘ ਲਾਛੜੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਅਮਰਪਾਲ ਸਿੰਘ ਆਦਿ ਹਾਜ਼ਰ ਸਨ।

Shyna

This news is Content Editor Shyna