ਸ਼੍ਰੋਮਣੀ ਕਮੇਟੀ ਵੱਲੋਂ ਫਿਰੋਜ਼ਪੁਰ ਵਿਖੇ ਚੌਥਾ ਕੋਰੋਨਾ ਕੇਅਰ ਕੇਂਦਰ ਸਥਾਪਤ

Thursday, May 20, 2021 - 07:56 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ, ਹਰਚਰਨ ਸਿੰਘ ਸਾਮਾ, ਬਿੱਟੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ। ਜਿਨ੍ਹਾਂ ਅਧੀਨ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) ਵਿਖੇ ਲੋੜਵੰਦਾਂ ਨੂੰ ਪਹਿਲਾਂ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਅਧੀਨ ਅੱਜ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ 25 ਬੈੱਡਾਂ ਦਾ ਚੌਥਾ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਗਿਆ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਮਾਨਵ ਹਿਤਕਾਰੀ ਕਾਰਜ ਦੱਸਿਆ। ਉਨ੍ਹਾਂ ਆਖਿਆ ਕਿ ਅੱਜ ਜਦੋਂ ਸਰਕਾਰਾਂ ਕੋਰੋਨਾ ਆਫ਼ਤ ਤੋਂ ਨਿਕਲਣ ਲਈ ਨਾਕਾਮ ਸਾਬਤ ਹੋ ਰਹੀਆਂ ਹਨ ਤਾਂ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਬੇਹੱਦ ਸੰਤੁਸ਼ਟੀਜਨਕ ਹੈ।

ਇਹ ਵੀ ਪੜ੍ਹੋ : ਬਠਿੰਡਾ ਏਮਜ਼ ਤੋਂ ਰਾਜਿੰਦਰਾ ਹਸਪਤਾਲ ਆਏ ਮੇਲ ਨਰਸਿਜ਼ ਦੀਆਂ ਮੰਗਾਂ ਨੇ ਕਰਾਈ ਤੌਬਾ, ਭੇਜੇ ਵਾਪਸ 

PunjabKesari

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਹੀ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਹਾਮਾਰੀ ਕਾਰਨ ਲੋਕਾਂ ਨੂੰ ਇਲਾਜ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਧਿਆਨ ’ਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਇਹ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਅੰਦਰ ਮਰੀਜ਼ਾਂ ਨੂੰ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਿੱਤੀ ਜਾ ਰਹੀ ਹੈ ਅਤੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

PunjabKesari

 

ਉਨ੍ਹਾਂ ਕਿਹਾ ਕਿ ਬਜੀਦਪੁਰ ਵਿਖੇ ਇਹ ਕੇਂਦਰ ਸਥਾਪਤ ਕਰਨ ਨਾਲ ਇਸ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ। ਜਿਸ ਨਾਲ ਲੋਕ ਖਜ਼ਲ-ਖੁਆਰ ਹੋਣ ਤੋਂ ਬੱਚਣਗੇ ਅਤੇ ਆਪਣੇ ਨੇੜੇ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਹੀ ਕੇਂਦਰ ਸੰਗਰੂਰ, ਰੋਪੜ ਅਤੇ ਪਟਿਆਲਾ ਵਿਖੇ ਵੀ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਹੋਰਨਾਂ ਥਾਵਾਂ ’ਤੇ ਵੀ ਪ੍ਰਬੰਧ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲਾਂ ਚੱਲ ਰਹੇ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। 

ਇਹ ਵੀ ਪੜ੍ਹੋ : ਢੀਂਡਸਾ ਅਤੇ ਬ੍ਰਹਮਪੁਰਾ ਧੜਾ ਬਦਲੇਗਾ ਪੰਜਾਬ ਦੀ ਸਿਆਸਤ ਦੇ ਸਮੀਕਰਨ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

 


Anuradha

Content Editor

Related News