ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ
Thursday, Mar 04, 2021 - 10:14 AM (IST)
ਅੰਮ੍ਰਿਤਸਰ (ਦੀਪਕ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੈਂਬਰ ਸਾਹਿਬਾਨਾਂ ਨਾਲ ਜ਼ਰੂਰੀ ਵਿਚਾਰਾਂ ਕਰਨ ਲਈ ਇਕੱਤਰਤਾਵਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ 11 ਮਾਰਚ ਨੂੰ ਮਾਝਾ ਅਤੇ ਦੋਆਬਾ ਖੇਤਰ ਦੇ ਮੈਂਬਰ ਸਾਹਿਬਾਨਾਂ ਦੀ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਚ ਸਵੇਰੇ 11 ਵਜੇ ਹੋਵੇਗੀ। ਇਸੇ ਤਰ੍ਹਾਂ 13 ਮਾਰਚ ਨੂੰ ਮਾਲਵਾ ਖੇਤਰ ਦੇ ਮੈਂਬਰਾਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸਵੇਰੇ 11 ਵਜੇ ਸੱਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਇਨ੍ਹਾਂ ਇਕੱਤਰਤਾਵਾਂ ਵਿਚ ਵੱਖ-ਵੱਖ ਥਾਵਾਂ ’ਤੇ ਹੋਣ ਵਾਲੇ ਸਮਾਗਮਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਮੈਂਬਰ ਸਾਹਿਬਾਨਾਂ ਪਾਸੋਂ ਵਿਚਾਰ ਪ੍ਰਾਪਤ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਮੌਕੇ ਮੁੱਖ ਸਮਾਗਮ 1 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸੇ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਪਾਠ ਬੋਧ ਸਮਾਗਮ ਚੱਲ ਰਹੇ ਹਨ, ਜਿਨ੍ਹਾਂ ਦੀ ਸੰਪੂਰਨਤਾ ਮੌਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ