ਤੀਰ ਅੰਦਾਜ਼ੀ ’ਚ ਸੋਨ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

Thursday, Jan 07, 2021 - 03:05 PM (IST)

ਤੀਰ ਅੰਦਾਜ਼ੀ ’ਚ ਸੋਨ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ (ਦੀਪਕ ਸ਼ਰਮਾ) : ਸੀਨੀਅਰ ਕੌਮੀ ਖੇਡਾਂ ਦੌਰਾਨ ਤੀਰ ਅੰਦਾਜ਼ੀ ’ਚ ਸੋਨੇ ਦਾ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਖ਼ਾਲਸਾ ਕਾਲਜ ਪਟਿਆਲਾ ਨਾਲ ਸਬੰਧਤ ਇਸ ਖਿਡਾਰਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਨਮਾਨਿਤ ਰਾਸ਼ੀ ਦਾ ਚੈੱਕ ਸੌਂਪਦਿਆਂ ਉਸ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਨੌਜੁਆਨੀ ਨੂੰ ਅਜਿਹੇ ਹੋਣਹਾਰ ਖਿਡਾਰੀਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜਵਾਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ। ਉਨ੍ਹਾਂ ਆਖਿਆ ਕਿ ਵੱਖ-ਵੱਖ ਖੇਤਰਾਂ ’ਚ ਜ਼ਿਕਰਯੋਗ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਰਾਸ਼ੀ ਦੇਣ ਦੇ ਫੈਸਲੇ ਅਧੀਨ ਪ੍ਰਭਜੋਤ ਕੌਰ ਨੂੰ ਇਕ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਉਨ੍ਹਾਂ ਪ੍ਰਭਜੋਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਪ੍ਰਭਜੋਤ ਕੌਰ ਤੋਂ ਭਵਿੱਖ ’ਚ ਅਜਿਹੀਆਂ ਹੋਰ ਪ੍ਰਾਪਤੀਆਂ ਦੀ ਆਸ ਪ੍ਰਗਟ ਕੀਤੀ।

ਇਹ ਵੀ ਪੜ੍ਹੋ : ਕਿਸਾਨ ਆਗੂ ਲੱਖੋਵਾਲ ਦਾ ਵੱਡਾ ਬਿਆਨ, 26 ਤਾਰੀਖ਼ ਨੂੰ ਦਿੱਲੀ 'ਚ ਦਾਖ਼ਲ ਹੋਣਗੇ ਲੱਖਾਂ 'ਟਰੈਕਟਰ'

ਇਸ ਮੌਕੇ ਪ੍ਰਭਜੋਤ ਕੌਰ ਅਤੇ ਉਸ ਦੇ ਮਾਤਾ-ਪਿਤਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਮਹਾਨ ਸੰਸਥਾ ਹੈ ਅਤੇ ਇਸ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਤ ਕਰਨਾ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵੱਲ ਪ੍ਰੇਰਿਤ ਕਰਨ ਲਈ ਅਹਿਮ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤਿ੍ਰੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਵਤੇਜ ਸਿੰਘ ਕਾਉਣੀ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਦਰਸ਼ਨ ਸਿੰਘ ਸ਼ੇਰਖਾਂ, ਭੁਪਿੰਦਰ ਸਿੰਘ ਭਲਵਾਨ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

 


author

Anuradha

Content Editor

Related News