ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ

Friday, Oct 30, 2026 - 08:14 PM (IST)

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ

ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਅਤੇ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਜ਼ਿਕਰਯੋਗ ਹੈ ਕਿ ਜਥੇਦਾਰ ਬਲਦੇਵ ਸਿੰਘ ਚੁੰਘਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਆਪਣਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਕੀਤਾ। ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਵੀ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਆਪਣੀ ਜ਼ਿੰਮੇਵਾਰੀ ਸਫ਼ਲਤਾਪੂਰਵਕ ਨਿਭਾਅ ਚੁੱਕੇ ਸਨ।

ਜਥੇਦਾਰ ਬਲਦੇਵ ਸਿੰਘ ਚੁੰਘਾ ਦੀ ਸ਼ਖ਼ਸੀਅਤ ਦਾ ਵਿਸ਼ੇਸ਼ ਗੁਣ ਉਨ੍ਹਾਂ ਦੀ ਬੇਬਾਕੀ ਅਤੇ ਸਪੱਸ਼ਟਵਾਦੀ ਸੁਭਾਅ ਸੀ। ਉਹ ਹਰ ਮਸਲੇ ’ਤੇ ਨਿਡਰਤਾ ਨਾਲ ਆਪਣੀ ਗੱਲ ਰੱਖਣ ਦੀ ਜੁਰਅਤ ਰੱਖਦੇ ਸਨ। ਸਿੱਖ ਹਲਕਿਆਂ ਵਿੱਚ ਉਨ੍ਹਾਂ ਦਾ ਨਾਮ ਬੜੇ ਸਤਿਕਾਰ ਨਾਲ ਲਿਆ ਜਾਂਦਾ ਸੀ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰਕ ਮੈਂਬਰਾਂ, ਸਨੇਹੀਆਂ, ਸਾਥੀਆਂ ਅਤੇ ਸਿੱਖ ਸੰਗਤਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ, ਇਸ ਸਬੰਧੀ ਜਾਣਕਾਰੀ ਪਰਿਵਾਰ ਵੱਲੋਂ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।


author

Gurminder Singh

Content Editor

Related News