ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

Tuesday, Nov 12, 2024 - 10:38 PM (IST)

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਜੈਤੋ (ਰਘੂਨੰਦਨ ਪਰਾਸ਼ਰ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। 

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਗੁਰਪ੍ਰੀਤ ਸਿੰਘ ਰੋਡੇ ਅਤੇ ਸੁਪਰਡੈਂਟ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News