ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Tuesday, Sep 03, 2024 - 09:27 PM (IST)

ਜੈਤੋ, (ਰਘੂਨੰਦਨ ਪਰਾਸ਼ਰ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦਾ ਸਥਾਨ ਪੂਰੀ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਤੇ ਨਿਰਾਲਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਬਾਣੀ ਦੀਆਂ ਮੁਲਵਾਨ ਸਿੱਖਿਆਵਾਂ ਨੂੰ ਆਪਣੇ ਹਿਰਦੇ ਵਿਚ ਵਸਾਈਏ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਦੇ ਹੋਏ ਖੰਡੇ ਦੀ ਪਾਹੁਲ ਛਕ ਬਾਣੀ ਬਾਣੇ ਦੇ ਧਾਰਨੀ ਹੋਈਏ।


Rakesh

Content Editor

Related News