ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

Tuesday, Dec 07, 2021 - 04:53 PM (IST)

ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ। ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਇਹ ਪਲੇਠੀ ਇਕੱਤਰਤਾ ਉਚੇਚੇ ਤੌਰ ’ਤੇ ਬੁਲਾਈ ਗਈ ਸੀ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਕ ਮੈਂਬਰ ਨਾਮਜ਼ਦ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਮੈਂਬਰਾਂ ਦੀ ਨਾਜ਼ਦਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵਿਚ ਲੰਘੀ 23 ਅਗਸਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਮੈਂਬਰ ਵਜੋਂ ਭੇਜਿਆ ਗਿਆ ਸੀ ਪਰ ਡਾਇਰੈਕਟਰ ਗੁਰਦੁਆਰਾ ਚੋਣਾਂ ਵੱਲੋਂ ਉਨ੍ਹਾਂ ਦੀ ਮੈਂਬਰੀ ਰੱਦ ਕਰਨ ਕਰਕੇ ਹੁਣ ਨਵਾਂ ਨਾਂ ਮੈਂਬਰ ਵਜੋਂ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤੇ ਹਨ ਅਤੇ ਇਸ ਸਬੰਧੀ ਜਲਦ ਹੀ ਨਾਮਜ਼ਦਗੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋਕਿਸਾਨ ਮੋਰਚੇ ਦਾ ਦਾਅਵਾ, 6 ਕਰੋੜ ਤੋਂ ਵਧੇਰੇ ਦਾ ਮਿਲਿਆ ਫੰਡ, ਪੜ੍ਹੋ ਖ਼ਰਚਿਆਂ ਦਾ ਹਿਸਾਬ-ਕਿਤਾਬ

ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਖ਼ਿਲਾਫ਼ ਦਿੱਲੀ ਦੇ ਰਾਜ ਨਗਰ ਵਿਖੇ 2 ਸਿੱਖਾਂ ਦੇ ਕਤਲ ਦੇ ਸਬੰਧ ਵਿਚ ਦੋਸ਼ ਆਇਦ ਹੋਣੇ ਪੀੜ੍ਹਤ ਸਿੱਖ ਪਰਿਵਾਰਾਂ ਲਈ ਧਰਵਾਸ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਸ ਆਗੂ ਸੱਜਣ ਕੁਮਾਰ ਤੋਂ ਇਲਾਵਾ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚੇ

ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਲੱਗੀਆਂ ਵਿਸ਼ਾਲ ਸਕਰੀਨਾਂ ’ਤੇ ਚੱਲਦੀਆਂ ਸਰਕਾਰ ਦੀਆਂ ਮਸ਼ਹੂਰੀਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਰਗ ’ਤੇ ਅਕਾਲੀ ਸਰਕਾਰ ਸਮੇਂ ਸਕਰੀਨਾਂ ਗੁਰਬਾਣੀ ਦੇ ਪ੍ਰਸਾਰਣ ਲਈ ਲਗਾਈਆਂ ਗਈਆਂ ਸਨ। ਹੁਣ ਪੰਜਾਬ ਦੀ ਕਾਂਗਰਸ ਸਰਕਾਰ ਇਨ੍ਹਾਂ ਦੀ ਵਰਤੋਂ ਆਪਣੇ ਨਿੱਜੀ ਹਿੱਤਾਂ ਲਈ ਕਰ ਰਹੀ ਹੈ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਪ੍ਰਚਾਰ ਬੰਦ ਕਰਕੇ ਤੁਰੰਤ ਗੁਰਬਾਣੀ ਕੀਰਤਨ ਚਲਾਏ। 

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?


author

Harnek Seechewal

Content Editor

Related News