ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ, ਵਿਦਿਆਰਥੀਆਂ ਨੂੰ ਵੰਡੀ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ
Friday, Jun 18, 2021 - 11:40 AM (IST)
ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਧਰਮ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖ-ਸੱਭਿਆਚਾਰ ਤੋਂ ਜਾਣੂ ਹੋਣਗੇ ਤਾਂ ਨਿਰਸੰਦੇਹ ਕੌਮ ਦੀ ਚੜ੍ਹਦੀ ਕਲਾ ਰਹੇਗੀ।
ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ 'ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਲੰਮੇ ਅਰਸੇ ਤੋਂ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਹਰ ਸਾਲ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ। ਇਸ ਵਾਰ ਵੀ 50 ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 990 ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ, ਜਦਕਿ 17 ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਮੈਰਿਟ ਵਿਚ ਸਥਾਨ ਬਣਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਦਾ ਸਿੱਖ ਰਹਿਣੀ ਵਿਚ ਪ੍ਰਪੱਕ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜ ਰਹੀ ਹੈ। ਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅਤੇ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰਨ ਲਈ ਰੁਚਿਤ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਾਰਮਿਕ ਪ੍ਰੀਖਿਆ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ: ਕਿਸਾਨ ਆਗੂ ਚਢੂਨੀ ਨੇ ਕੇਂਦਰ ਨਾਲ ਹੋਈਆਂ ਬੈਠਕਾਂ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)
ਧਾਰਮਿਕ ਪ੍ਰੀਖਿਆ ’ਚ ਪਹਿਲੇ ਤਿੰਨ ਸਥਾਨ ਗ੍ਰਹਿਣ ਕਰਨ ਵਾਲੇ 17 ਵਿਦਿਆਰਥੀਆਂ ਨੂੰ ਦਿੱਤੇ ਵਿਸ਼ੇਸ਼ ਇਨਾਮ
ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਸੈਸ਼ਨ 2019-20 ਵਿਚ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿਚ ਸਥਾਨ ਗ੍ਰਹਿਣ ਕੀਤਾ, ਜਿਨ੍ਹਾਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।
ਨੋਟ: ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ ? ਕੁਮੈਂਟ ਕਰਕੇ ਦਿਓ ਆਪਣੀ ਰਾਏ