ਸ਼੍ਰੋਮਣੀ ਕਮੇਟੀ ਨੇ ''ਐਮਰਜੰਸੀ'' ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

Wednesday, Aug 28, 2024 - 06:23 PM (IST)

ਸ਼੍ਰੋਮਣੀ ਕਮੇਟੀ ਨੇ ''ਐਮਰਜੰਸੀ'' ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਗਨਾ ਰਣੌਤ ਦੀ ਐਮਰਜੰਸੀ ਫ਼ਿਲਮ ਦਾ ਮਾਮਲਾ ਧਿਆਨ ਵਿੱਚ ਆਉਂਦਿਆਂ ਹੀ ਸਿੱਖ ਸੰਸਥਾ ਵੱਲੋਂ ਇਸ ਦੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਇਸ ਫ਼ਿਲਮ ਉੱਤੇ ਸਭ ਤੋਂ ਪਹਿਲਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਉੱਤੇ ਰੋਕ ਲਗਾਉਣ ਲਈ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਗਏ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਹੁਣ ਕੰਗਨਾ ਰਣੌਤ ਸਮੇਤ ਇਸ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਮਰਜੰਸੀ ਫ਼ਿਲਮ ਦੇ ਜਾਰੀ ਕੀਤੇ ਗਏ ਟ੍ਰੇਲਰ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਸਨ, ਜਿਨ੍ਹਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਫਿਲਮ ਵਿੱਚ 1984 ਦੇ ਘੱਲੂਘਾਰੇ ਦੇ ਜਰਨੈਲ ਸਿੰਘ ਖ਼ਾਲਸਾ ਸਮੇਤ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ ਅਤੇ ਗਲਤ ਪ੍ਰਾਪੇਗੰਡਾ ਦੇ ਆਧਾਰ ’ਤੇ ਸਿੱਖਾਂ ਨੂੰ ਦਹਿਸ਼ਤਗਰਦ ਅਤੇ ਵੱਖਵਾਦੀਆਂ ਦੇ ਰੂਪ ਵਿੱਚ ਦਿਖਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ ਜੋ ਕਿ ਬਰਦਾਸ਼ਤਯੋਗ ਨਹੀਂ ਤੇ ਸੱਚਾਈ ਤੋਂ ਕੋਹਾਂ ਦੂਰ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ

ਪ੍ਰਤਾਪ ਸਿੰਘ ਨੇ ਕਿਹਾ ਕਿ ਫ਼ਿਲਮ ਦਾ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਸਿੱਖ ਸੰਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਗਨਾ ਰਣੌਤ ਤੇ ਫ਼ਿਲਮ ਨਿਰਮਾਤਾਵਾਂ ਵੱਲੋਂ ਸਿੱਖ ਵਿਰੋਧੀ ਇਤਰਾਜ਼ਯੋਗ ਦ੍ਰਿਸ਼ ਨਾ ਕੱਟੇ ਗਏ ਤਾਂ, ਉਨ੍ਹਾਂ ਖਿਲਾਫ਼ ਹਰ ਪੱਧਰ ਉੱਤੇ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਦੇ ਨਾਲ-ਨਾਲ ਸਖ਼ਤ ਵਿਰੋਧ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News