ਸ਼੍ਰੋਮਣੀ ਕਮੇਟੀ ਨੇ ਦਿੱਲੀ ਧਰਨੇ ’ਤੇ ਬੈਠੀਆਂ ਪਹਿਲਵਾਨਾਂ ਨੂੰ ਦਿੱਤਾ ਸਮਰਥਨ, ਲਏ ਕਈ ਅਹਿਮ ਫੈਸਲੇ

05/21/2023 2:47:56 PM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਪਹਿਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀਆਂ ਗੱਲਾਂ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਓਲੰਪੀਅਨ ਪਹਿਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। ਉਨ੍ਹਾਂ ਕਿਹਾ ਇਹ ਮਾਮਲਾ ਕੁੜੀਆਂ ਦੀ ਇੱਜ਼ਤ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ, ਜਿਸ ਪ੍ਰਤੀ ਸਰਕਾਰ ਸੰਜੀਦਗੀ ਦਿਖਾ ਕੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਜਲਦ ਹੀ ਇਨ੍ਹਾਂ ਖਿਡਾਰਨਾਂ ਨੂੰ ਮਿਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਦਿੱਲੀ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਹੁਣ ਇਸ ਮਾਮਲੇ ਨੂੰ ਸਬੂਤਾਂ ਸਮੇਤ ਭਾਰਤ ਸਰਕਾਰ ਪਾਸ ਪੇਸ਼ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਮਾਮਲਾ ਅਦਾਲਤ ਵਿਚ ਲੈ ਕੇ ਜਾਵਾਂਗੇ।

ਇਹ ਵੀ ਪੜ੍ਹੋ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸੋਮਵਾਰ ਨੂੰ ਕਰਨਗੇ ਹਲਕਾ ਆਦਮਪੁਰ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਇਸ ਦੇ ਨਾਲ ਹੀ ਐਡਵੈਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਮ ਅਤੇ ਗੁਰਦੁਆਰਾ ਤਪੋ ਅਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਣਾਚਲ ਪ੍ਰਦੇਸ਼ ਦੇ ਮਾਮਲਿਆਂ ਸਬੰਧੀ ਕਮੇਟੀਆਂ ਗਠਤ ਕੀਤੀਆਂ ਜਾ ਚੁੱਕੀਆਂ ਹਨ, ਜੋ ਜਲਦ ਹੀ ਸਬੰਧਿਤ ਸਰਕਾਰਾਂ ਨਾਲ ਗੱਲਬਾਤ ਲਈ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੋਵੇਂ ਮਾਮਲੇ ਬੋਧੀਆਂ ਨਾਲ ਸਬੰਧਿਤ ਹਨ, ਇਸ ਲਈ ਵਫ਼ਦ ਵੱਲੋਂ ਦਲਾਈਲਾਮਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਕੋਲੋਂ ਵੀ ਮਿਲਣ ਵਾਸਤੇ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੱਦੇਨਜ਼ਰ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ। ਐਡਵੋਕੇਟ ਧਾਮੀ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਕੱਤਰਤਾ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : 90 ਫੀਸਦੀ ਲੋਕ ਨਹੀਂ ਜਾਣਦੇ ਕਿ ਖਾਣਾ ਸਹੀ ਢੰਗ ਨਾਲ ਕਿਵੇਂ ਖਾਣਾ ਹੈ, PGI ’ਚ ਹੋਇਆ ਅਧਿਐਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


 

Anuradha

This news is Content Editor Anuradha