ਲਾਹੌਰ ਬੋਰਡ ''ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ
Tuesday, Sep 15, 2026 - 12:51 AM (IST)
ਜੈਤੋ (ਪਰਾਸ਼ਰ) - ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਾਲਾਨਾ ਮੈਟ੍ਰਿਕ ਪ੍ਰੀਖਿਆਵਾਂ ’ਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਓਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਇਹ ਫੈਸਲਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਉਂਕਾਰ ਸਿੰਘ ਨੇ ਇਸ ਤੋਂ ਪਹਿਲਾਂ ਨੌਵੀਂ ਜਮਾਤ ਦੀਆਂ ਪ੍ਰੀਖਿਆਵਾਂ ’ਚ ਵੀ ਦੂਜਾ ਸਥਾਨ ਹਾਸਲ ਕੀਤਾ ਸੀ ਅਤੇ ਉਹ ਲਗਾਤਾਰ ਵਿੱਦਿਅਕ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਂਕਾਰ ਸਿੰਘ ਦੇ ਪਿਤਾ ਡਾ. ਮਿਮਪਾਲ ਸਿੰਘ, ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ, ਖ਼ੁਦ ਵੀ ਵਿੱਦਿਅਕ ਅਤੇ ਡਾਕਟਰੀ ਖੇਤਰ ’ਚ ਵਿਸ਼ੇਸ਼ ਪਹਿਚਾਣ ਰੱਖਦੇ ਹਨ। ਉਹ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਤਮਗਾ-ਏ-ਇਮਤਿਆਜ਼ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਸਿੱਖ ਭਾਈਚਾਰਾ ਘੱਟ ਗਿਣਤੀ ’ਚ ਹੋਣ ਦੇ ਬਾਵਜੂਦ ਓਂਕਾਰ ਸਿੰਘ ਵੱਲੋਂ ਵਿੱਦਿਅਕ ਖੇਤਰ ’ਚ ਹਾਸਲ ਕੀਤੀ ਇਹ ਮਾਣਮੱਤੀ ਪ੍ਰਾਪਤੀ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਂਕਾਰ ਸਿੰਘ ਆਪਣੀ ਮਿਹਨਤ ਤੇ ਲਿਆਕਤ ਨਾਲ ਸਿੱਖ ਕੌਮ ਦਾ ਨਾਂ ਰੌਸ਼ਨ ਕਰੇਗਾ।
Related News
ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
