ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਥਾਪਤ ਕੀਤਾ ਜਾਵੇਗਾ ‘ਸਿੱਖ ਮਿਸ਼ਨ’ : ਬੀਬੀ ਜਗੀਰ ਕੌਰ

01/23/2021 1:42:19 PM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ‘ਸਿੱਖ ਮਿਸ਼ਨ’ ਸਥਾਪਤ ਕੀਤਾ ਜਾਵੇਗਾ, ਜਿਸ ’ਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਇਲਾਕੇ ਅੰਦਰ ਧਰਮ ਪ੍ਰਚਾਰ ਲਈ ਕਾਰਜਸ਼ੀਲ ਰਹਿਣਗੇ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਹਾਰ ਦੇ ਸਾਸਾਰਾਮ ’ਚ ਗੁਰਦੁਆਰਾ ਟਕਸਾਲ ਸੰਗਤ ਵਿਖੇ ਇਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਜਗੀਰ ਕੌਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਬਿਹਾਰ ਪੁੱਜੇ ਹੋਏ ਸਨ। ਇਸੇ ਦੌਰਾਨ ਉਨ੍ਹਾਂ ਨੇ ਸਾਸਾਰਾਮ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰ ਕੇ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ‘ਸਿੱਖ ਮਿਸ਼ਨ’ ਸਥਾਪਤ ਕੀਤਾ ਜਾਵੇਗਾ, ਜਿੱਥੋਂ ਪ੍ਰਚਾਰਕ ਜਥੇ ਸੂਬੇ ਅੰਦਰ ਪ੍ਰਚਾਰ ਕਰਨ ਲਈ ਜਾਣਗੇ।

ਇਹ ਵੀ ਪੜ੍ਹੋ : ਸਿੱਖ ਟੀਵੀ ਐਂਕਰ ਨੂੰ ਧਮਕੀ ਮਿਲਣ ਦੇ ਮਾਮਲੇ ’ਚ ਜਗੀਰ ਕੌਰ ਨੇ ਇਮਰਾਨ ਖਾਨ ਨੂੰ ਲਿਖਿਆ ਪੱਤਰ

ਉਨ੍ਹਾਂ ਕਿਹਾ ਕਿ ਸਾਸਾਰਾਮ ਵਿਖੇ ਗੁਰਦੁਆਰਾ ਸਾਹਿਬਾਨ ਅੰਦਰ ਬੱਚਿਆਂ ਨੂੰ ਪੰਜਾਬੀ ਸਿਖਾਉਣ ਅਤੇ ਗੁਰਬਾਣੀ ਸੰਥਿਆ ਲਈ ਸਿੱਖ ਮਿਸ਼ਨ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪ੍ਰਚਾਰਕ ਭੇਜੇ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਵੀ ਇੱਥੇ ਕਰਵਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਟਕਸਾਲ ਸੰਗਤ ਲਈ 5 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੋਡ਼ਨ ਦੀ ਪ੍ਰੇਰਣਾ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਡਾ. ਅਮਰੀਕ ਸਿੰਘ ਲਤੀਫਪੁਰ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋਡ਼ਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਅਮਰੀਕ ਸਿੰਘ ਲਤੀਫਪੁਰ, ਇੰਦਰਜੀਤ ਸਿੰਘ ਮੀਤ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ, ਸੂਰਤ ਸਿੰਘ, ਮਾਣਕ ਸਿੰਘ, ਸੁਚੀਤ ਸਿੰਘ, ਸਰਬਜੀਤ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਇਹ ਵੀ ਪੜ੍ਹੋ : ਡਾ.ਓਬਰਾਏ ਨੇ ਦੁਬਈ ਵਿਚ ਸੰਕਟ 'ਚ ਫਸੀਆਂ 12 ਧੀਆਂ ਮੁੜ ਮਾਪਿਆਂ ਦੀ ਝੋਲ਼ੀ ਪਾਈਆਂ


Anuradha

Content Editor

Related News