ਭਾਈ ਲੌਂਗੋਵਾਲ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ

01/07/2018 8:25:37 AM

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਣ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖਤ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਜਿਸ ਵਿਚ ਦਸਤਾਰ, ਚੋਲਾ, ਕਮਰਕੱਸਾ, ਸਿਰੋਪਾਓ ਅਤੇ ਸਿਰੀ ਸਾਹਿਬ ਸ਼ਾਮਲ ਹੈ, ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਵੱਲੋਂ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਨੇ ਦਿੱਤਾ। ਇਸ ਮੌਕੇ ਭਾਈ ਲੌਂਗੋਵਾਲ ਨਾਲ ਤਖਤ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੂੰ ਵੀ ਸਨਮਾਨ ਦਿੱਤਾ ਗਿਆ।
ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ ਕਰ ਕੇ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਲਈ ਵਿਚਾਰਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਸੇਵਾ ਪ੍ਰਾਪਤ ਹੋਣ 'ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਡਾ. ਰੂਪ ਸਿੰਘ ਅਨੁਸਾਰ ਸਿੰਘ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਥਕ ਮਸਲਿਆਂ ਦੇ ਸਰਲੀਕਰਨ ਲਈ ਗੱਲਬਾਤ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਬਾਵਾ ਗੁਰਿੰਦਰ ਸਿੰਘ, ਭਾਈ ਰਾਮ ਸਿੰਘ, ਇਕਬਾਲ ਸਿੰਘ ਮੁੰਬਈ (ਫੁੱਲਾਂ ਦੀ ਸੇਵਾ ਵਾਲੇ) ਤੇ ਸਤਨਾਮ ਸਿੰਘ ਸਲੂਜਾ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।