ਔਜਲਾ ਵੱਲੋਂ ਗੁਰੂ ਨਾਨਕ ਦੇਵ ਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦਾ ਹੋਕਾ ਪੰਜਾਬ ਵਿਰੋਧੀ : ਬਡੂੰਗਰ

Wednesday, Oct 09, 2019 - 09:52 AM (IST)

ਔਜਲਾ ਵੱਲੋਂ ਗੁਰੂ ਨਾਨਕ ਦੇਵ ਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦਾ ਹੋਕਾ ਪੰਜਾਬ ਵਿਰੋਧੀ : ਬਡੂੰਗਰ

ਪਟਿਆਲਾ (ਜੋਸਨ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਦਿੱਤੇ ਬਿਆਨ ਨੂੰ ਪੰਜਾਬੀ ਵਿਰੋਧੀ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਬਡੂੰਗਰ ਨੇ ਕਿਹਾ ਕਿ ਔਜਲਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ ਕਰਨਾ ਬੇਤੁਕਾ ਅਤੇ ਬੇਲੋੜਾ ਬਿਆਨ ਹੈ। ਇਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਸਾਬਕਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਪਹਿਲਾਂ ਹੀ ਪੰਜਾਬ ਦਾ ਪਾਣੀ, ਰਾਜਧਾਨੀ ਅਤੇ ਹਾਈ ਕੋਰਟ ਤੱਕ ਖੋਹ ਲਏ ਗਏ ਹਨ, ਜਿਸ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਵੀ ਕੇਂਦਰ ਸਰਕਾਰ ਦੇ ਹਵਾਲੇ ਕਰਨ ਦੀ ਮੁਹਿੰਮ ਚੱਲੀ ਸੀ, ਜੋ ਲੋਕਾਂ ਦੀ ਹਿੰਮਤ ਕਾਰਨ ਸਿਰੇ ਨਹੀਂ ਸੀ ਚੜ੍ਹ ਸਕੀ। ਗੁਰਜੀਤ ਔਜਲਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਦੇ ਪ੍ਰਬੰਧ ਅਧੀਨ ਕਰਨ ਦਾ ਹੋਕਾ ਦੇਣਾ ਪੰਜਾਬ ਵਿਰੋਧੀ ਹੈ। ਬਡੂੰਗਰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਂਦ 'ਚ ਆਈ ਸੀ। ਸਾਬਕਾ ਪ੍ਰਧਾਨ ਨੇ ਕਿਹਾ ਕਿ ਔਜਲਾ ਅਤੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਪੰਜਾਬ ਦੀਆਂ ਅਣਗਣਿਤ ਸਮੱਸਿਆਵਾਂ ਦਾ ਹੱਲ ਕਰਨ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਅਤੇ ਬੇਤੁਕੇ ਬਿਆਨ ਦੇਣ ਦਾ ਕੋਈ ਅਰਥ ਨਹੀਂ ਰਹਿ ਜਾਂਦਾ।


author

Shyna

Content Editor

Related News