''ਕੋਰੋਨਾ ਵਾਇਰਸ'' ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਖਾਸ ਨਿਰਦੇਸ਼

Saturday, Mar 21, 2020 - 10:45 AM (IST)

''ਕੋਰੋਨਾ ਵਾਇਰਸ'' ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਖਾਸ ਨਿਰਦੇਸ਼

ਅੰਮ੍ਰਿਤਸਰ : ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੇ ਖਾਸ ਨਿਰਦੇਸ਼ ਦਿੱਤੇ ਗਏ ਹਨ। ਇਸ ਬਾਰੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਬੇਸ਼ੱਕ ਵਿਸ਼ਵ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਮਨੁੱਖੀ ਜੀਵਨ 'ਤੇ ਇਕ ਤਰ੍ਹਾਂ ਨਾਲ ਰੋਕ ਲਾ ਦਿੱਤੀ ਹੈ ਪਰ ਵਿਸ਼ਵ ਮਾਨਵ ਦੀ ਆਸਥਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਸੰਗਤ ਲਈ ਰੋਕ ਨਹੀਂ ਲਾਈ ਜਾ ਸਕਦੀ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਖਾਤਮੇ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਅਰਦਾਸ

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਸਮੱਸਿਆ ਕਾਰਨ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਲਈ ਪ੍ਰਬੰਧਕੀ ਸੁਚੇਤਤਾ ਨਾਲ ਕਾਰਜ ਕੀਤੇ ਜਾ ਰਹੇ ਹਨ ਅਤੇ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਸਾਵਧਾਨੀਆਂ ਯਕੀਨੀ ਬਣਾਉਣ ਲਈ ਪ੍ਰੇਰਣਾ ਲਾਜ਼ਮੀ ਕੀਤੀ ਗਈ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸਟਾਫ ਨੂੰ ਵੀ ਬਦਲਵੇਂ ਪ੍ਰਬੰਧਾਂ ਮੁਤਾਬਕ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਇਸ ਨੂੰ ਲੈ ਕੇ ਸ਼ਰਧਾਲੂਆਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ।

ਸ਼ਰਧਾਲੂਆਂ ਦੀ ਮੁੱਢਲੀ ਜਾਂਚ ਲਈ ਹਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਕਿਹਾ ਗਿਆ ਹੈ ਅਤੇ ਇਸ ਦੇ ਨਾਲ ਹੀ ਸੈਨੇਟਾਈਜ਼ਰ ਆਦਿ ਸਬੰਧੀ ਵੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਗਤਾਂ ਦੀ ਮੁੱਢਲੀ ਜਾਂਚ ਲਈ ਮੈਡੀਕਲ ਟੀਮਾਂ ਲਾਈਆਂ ਗਈਆਂ ਹਨ। ਇਸ 'ਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਸਟਾਫ ਵੀ ਕਾਰਜ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪਲਾਜ਼ਾ ਵਾਲੇ ਪਾਸੇ ਦੇ ਪ੍ਰਵੇਸ਼ ਦੁਆਰ ਤੇ ਇਹ ਲਾਜ਼ਮੀ ਕੀਤਾ ਗਿਆ ਹੈ ਅਤੇ ਹੁਣ ਸਰਾਵਾਂ ਵਾਲੇ ਪਾਸੇ ਵੀ ਮੈਡੀਕਲ ਟੀਮਾਂ ਲਾਜ਼ਮੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਾਲੇ ਪਾਸੇ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨਜ਼ਦੀਕ ਮੈਡੀਕਲ ਚੈੱਕਅਪ ਚੱਲ ਰਿਹਾ ਹੈ ਕਿ ਜੇਕਰ ਕਿਸੇ ਸ਼ਰਧਾਲੂ ਨੂੰ ਕੋਈ ਲੋੜ ਪਵੇਗੀ ਤਾਂ ਉਸ ਲਈ ਮੈਡੀਕਲ ਵੈਨਾਂ ਦੀ ਸਹੂਲਤ ਵੀ ਲਗਾਤਾਰ ਤਿਆਰ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਦਰਬਾਰ ਸਾਹਿਬ ਦੁਆਰ 'ਤੇ ਸਥਿਤ 'ਪਲਾਜ਼ਾ ਬੰਦ'


author

Babita

Content Editor

Related News