SGPC ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਕਰੇਗੀ ਸਨਮਾਨ : ਧਾਮੀ
Saturday, Mar 07, 2026 - 04:35 PM (IST)
ਅੰਮ੍ਰਿਤਸਰ/ਜੈਤੋ(ਸਰਬਜੀਤ/ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂ. ਪੀ. ਐੱਸ. ਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐੱਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜਵਾਨਾਂ ਦੀ ਮਿਹਨਤ ਲਗਨ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਅਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।
ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐੱਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜ਼ਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ, ਜਿਸ ਨਾਲ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ।
