ਅਜੋਕੀ ਪੀੜ੍ਹੀ ਨੂੰ ਸਿੱਖੀ ਸਿਧਾਂਤਾਂ ਦਾ ਧਾਰਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ : ਪ੍ਰੋ. ਬਡੂੰਗਰ

11/11/2017 6:11:07 AM

ਪਟਿਆਲਾ (ਜੋਸਨ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੀ ਸੁਚੱਜੀ ਅਗਵਾਈ ਹੇਠ ਅਜੋਕੇ ਸਮੇਂ ਦੇ ਸੰਦਰਭ 'ਚ ਨੌਜਵਾਨ ਪੀੜ੍ਹੀ ਨੂੰ ਧਰਮ ਬਾਰੇ ਸੁਚੇਤ ਕਰਨ ਤੇ ਸਿੱਖੀ ਦੇ ਮਹਾਨ ਵਿਰਸੇ ਨਾਲ ਜੋੜ ਕੇ ਸਿੱਖੀ ਸਿਧਾਂਤਾਂ ਦਾ ਧਾਰਨੀ ਬਣਾਉਣ ਲਈ ਧਰਮ ਪ੍ਰਚਾਰ ਲਹਿਰ ਨਾਲ ਜੋੜਨ ਦਾ ਅਹਿਮ ਉਪਰਾਲਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ।
ਪੰਜਾਬ, ਹਰਿਆਣਾ, ਹਿਮਾਚਲ ਅਤੇ ਹੋਰਨਾਂ ਸੂਬਿਆਂ 'ਚ ਪ੍ਰਚੰਡ ਰੂਪ 'ਚ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਵੀ ਸਿਖਰਾਂ 'ਤੇ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਪ੍ਰਚਾਰਕ ਭਾਈ ਨੰਦ ਲਾਲ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 12 ਨਵੰਬਰ ਦੀ ਸ਼ਾਮ 7 ਤੋਂ 10 ਵਜੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹੋਵੇਗਾ।
ਇਸ ਸਬੰਧੀ ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਨੰਦ ਲਾਲ ਜੀ ਪੰਥ ਦੇ ਮਹਾਨ ਵਿਦਵਾਨ, ਸਾਹਿਤਕਾਰ ਅਤੇ ਗੁਰੂ-ਘਰ ਦੇ ਅਨਿਨ ਸੇਵਕ ਹੋਏ ਹਨ। ਉਨ੍ਹਾਂ ਦੇ ਜੀਵਨ ਅਤੇ ਮਹਾਨ ਪ੍ਰਾਪਤੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਦੇਸ਼ ਦੀ ਆਜ਼ਾਦੀ ਸਮੇਂ ਸਿੱਖਾਂ ਦਾ ਯੋਗਦਾਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਬਾਰੇ ਜਾਣੂ ਕਰਵਾਉਣ ਲਈ ਧਰਮ ਪ੍ਰਚਾਰ ਲਹਿਰ ਨੂੰ ਖਾਲਸਾਈ ਸ਼ਾਨੋ-ਸ਼ੌਕਤ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਤੇ ਪਸਾਰ ਤਹਿਤ ਅਜੋਕੀ ਪੀੜ੍ਹੀ ਨੂੰ ਗੁਰਬਾਣੀ, ਗੁਰ-ਇਤਿਹਾਸ, ਰਹਿਤ-ਮਰਯਾਦਾ ਅਤੇ ਗੁਰਮਤਿ ਫਿਲਾਸਫੀ ਨਾਲ ਜੋੜਨ ਦਾ ਉਪਰਾਲਾ ਭਵਿੱਖ 'ਚ ਜਾਰੀ ਰਹੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਨੰਦ ਲਾਲ ਜੀ ਦੀ ਯਾਦ ਨਾਲ ਸਾਂਝ ਪਵਾਉਣ ਲਈ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ ਤੇ ਡਾ. ਗੁਰਨਾਮ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।


Related News