ਸ਼੍ਰੋਮਣੀ ਕਮੇਟੀ ਗੁਰਮਤਿ ਸੱਭਿਆਚਾਰ ਦੇ ਪ੍ਰਸਾਰ ਲਈ ਵਚਨਬੱਧ: ਗੋਬਿੰਦ ਸਿੰਘ ਲੌਂਗੋਵਾਲ
Tuesday, Feb 13, 2018 - 01:52 PM (IST)

ਸ੍ਰੀ ਆਨੰਦਪੁਰ ਸਾਹਿਬ (ਜ. ਬ.)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਮਵਾਰ ਇਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਗਏ ਇਕ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਅਜੋਕੀ ਨੌਜਵਾਨੀ ਨੂੰ ਜੋੜਨਾ ਵਰਤਮਾਨ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖ ਕੌਮ ਨੂੰ ਜੋ ਮਾਰਗਦਰਸ਼ਨ ਦਿੱਤਾ, ਉਹ ਦੁਨੀਆ ਨਾਲੋਂ ਨਿਵੇਕਲਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਦੇ ਪ੍ਰਸੰਗ ਵਿਚ ਧਰਮ ਪ੍ਰਚਾਰ ਕਰਨ ਦੇ ਸਰੋਕਾਰ ਬਦਲੇ ਹਨ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ੍ਹਾਂ ਗੁਰਮਤਿ ਸੱਭਿਆਚਾਰ ਦੇ ਪ੍ਰਸਾਰ ਲਈ ਵਚਨਬੱਧ ਹੈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਸਦਾ ਹੀ ਸਿੱਖ ਧਰਮ ਦੇ ਪ੍ਰਚਾਰ ਦਾ ਕੇਂਦਰੀ ਧੁਰਾ ਰਹੀ ਹੈ ਅਤੇ ਇਸੇ ਮਹੱਤਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਵਿਸ਼ੇਸ਼ ਤੌਰ 'ਤੇ ਧਰਮ ਪ੍ਰਚਾਰ ਕੇਂਦਰ ਸਥਾਪਿਤ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਹਲਕਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਿੱਖ ਵਿਰਸੇ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮੁੱਚਾ ਸਿੱਖ ਇਤਿਹਾਸ ਹੀ ਹੱਕ ਸੱਚ, ਨਿਆਂ, ਹਮਦਰਦੀ ਆਦਿ ਦੀ ਉਘੜਵੀਂ ਮਿਸਾਲ ਹੈ ਅਤੇ ਸਿੱਖ ਇਤਿਹਾਸ ਤੋਂ ਅਗਵਾਈ ਲੈ ਕੇ ਸਾਨੂੰ ਆਪਣੇ ਜੀਵਨ ਦੀਆਂ ਸੇਧਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ ਅਤੇ ਦਿਲਜੀਤ ਸਿੰਘ ਬੇਦੀ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਾਂਝੇ ਰੂਪ ਵਿਚ ਸਨਮਾਨਿਤ ਵੀ ਕੀਤਾ।