ਸ਼੍ਰੋਮਣੀ ਕਮੇਟੀ ਨਸ਼ਿਆਂ ਖਿਲਾਫ਼ ਜ਼ੋਰਦਾਰ ਮੁਹਿੰਮ ਚਲਾਏਗੀ : ਭਾਈ ਲੌਂਗੋਵਾਲ

07/08/2018 7:01:26 AM

ਚੰਡੀਗੜ੍ਹ, ਅੰਮ੍ਰਿਤਸਰ  (ਭੁੱਲਰ/ ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਸਮਾਜ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਇਕ ਜ਼ੋਰਦਾਰ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ।  ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਡੂੰਘੀ ਚਿੰਤਾ ਦਾ ਵਿਸ਼ਾ ਹਨ ਅਤੇ ਸ਼੍ਰੋਮਣੀ ਕਮੇਟੀ ਨਸ਼ਿਆਂ ਖਿਲਾਫ਼ ਇਕ ਜ਼ੋਰਦਾਰ ਮੁਹਿੰਮ ਚਲਾਵੇਗੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਖੇਤਰ 'ਚ ਸਰਗਰਮ ਸ਼੍ਰੋਮਣੀ ਕਮੇਟੀ ਦੀ ਪ੍ਰਚਾਰਕ ਸ਼੍ਰੇਣੀ ਸਮਾਜ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰੇਗੀ ਅਤੇ ਵੱਡੀ ਗਿਣਤੀ ਵਿਚ ਟ੍ਰੈਕਟ ਛਪਵਾ ਕੇ ਵੰਡੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਦੇ ਆਦੀ ਹੋ ਚੁੱਕੇ ਜਿਹੜੇ ਲੋਕ ਨਸ਼ੇ ਛੱਡਣੇ ਚਾਹੁੰਣਗੇ ਉਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਇਸ 'ਤੇ ਹੋਣ ਵਾਲਾ ਸਾਰਾ ਖ਼ਰਚ ਧਰਮ ਪ੍ਰਚਾਰ ਕਮੇਟੀ ਸਹਿਣ ਕਰੇਗੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਨੂੰ ਹੈਲਮੈਟ ਸਬੰਧੀ ਫੈਸਲੇ 'ਤੇ ਸ਼੍ਰੋਮਣੀ ਕਮੇਟੀ ਰੀਵਿਊ ਕਰਨ ਦੀ ਮੰਗ ਕਰਦੀ ਹੈ ਕਿਉਂਕਿ ਸਿੱਖ ਮਰਯਾਦਾ ਅਨੁਸਾਰ ਟੋਪ ਪਹਿਨਣਾ ਸਿੱਖ ਦੀ ਰਹਿਣੀ ਦਾ ਹਿੱਸਾ ਨਹੀਂ । ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ ਪੂਰੀ ਕਾਨੂੰਨੀ ਲੜਾਈ ਲੜੇਗੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ,  ਰਾਮਪਾਲ ਸਿੰਘ ਬਹਿਣੀਵਾਲ, ਭਾਈ ਅਜਾਇਬ ਸਿੰਘ ਅਭਿਆਸੀ,  ਪ੍ਰਿਤਪਾਲ ਸਿੰਘ ਲੁਧਿਆਣਾ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ  ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ, ਦਰਸ਼ਨ ਸਿੰਘ ਪੀ.ਏ., ਲਖਬੀਰ ਸਿੰਘ ਮੀਤ ਸਕੱਤਰ ਚੰਡੀਗੜ੍ਹ ਉਪ-ਦਫ਼ਤਰ,  ਜਗੀਰ ਸਿੰਘ ਮੈਨੇਜਰ, ਵਰਿੰਦਰ ਸਿੰਘ ਠਰੂ ਆਦਿ ਮੌਜੂਦ ਸਨ।
ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲੇ
* ਸ੍ਰੀ ਅਨੰਦਪੁਰ ਸਾਹਿਬ ਵਿਖੇ ਜੰਗ ਦੌਰਾਨ ਬਿਨਾ ਭੇਦ-ਭਾਵ ਦੇ ਜ਼ਖ਼ਮੀਆਂ ਨੂੰ ਪਾਣੀ ਤੇ ਮਲ੍ਹਮ ਪੱਟੀ ਦੀ ਸੇਵਾ ਕਰਨ ਵਾਲੇ ਗੁਰੂ ਘਰ ਦੇ ਅਨਿਨ ਸਿੱਖ ਭਾਈ ਘਨ੍ਹੱਈਆ ਜੀ ਦੇ ਅਕਾਲ ਚਲਾਣੇ ਦੀ 300 ਸਾਲਾ ਸ਼ਤਾਬਦੀ 20 ਸਤੰਬਰ 2018 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ।
* ਜੰਮੂ- ਕਸ਼ਮੀਰ ਅੰਦਰ ਇਸਲਾਮਕ ਯੂਨੀਵਰਸਿਟੀ ਅਵਾਂਤੀਪੋਰਾ ਪੁਲਵਾਮਾ 'ਚ ਪੜ੍ਹਦੀ ਸਿੱਖ ਲੜਕੀ ਮਨਦੀਪ ਕੌਰ ਨੂੰ  ਦੋ ਲੜਕਿਆਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਅਤੇ ਉਸ ਨੂੰ ਜਬਰੀ ਇਸਲਾਮ ਕਬੂਲ ਕਰਨ ਦਾ ਦਬਾਅ ਪਾਉਣ ਦੀ ਘਟਨਾ ਮੰਦਭਾਗੀ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਪੁਰਜ਼ੋਰ ਨਿੰਦਾ ਕਰਦੀ ਹੈ। ਯੂਨੀਵਰਸਟੀ ਅਧਿਕਾਰੀਆਂ ਵੱਲੋਂ ਪੁਲਸ ਪਾਸ ਸ਼ਿਕਾਇਤ ਤੋਂ ਬਾਅਦ ਵੀ ਕਾਰਵਾਈ ਨਾ ਹੋਣਾ ਉਸ ਤੋਂ ਮਾੜੀ ਗੱਲ ਹੈ। ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਰਾਹੀਂ ਰੋਸ ਪ੍ਰਗਟ ਕੀਤਾ ਜਾਵੇਗਾ ਅਤੇ ਅਜਿਹੀਆਂ ਘਟਨਾਵਾਂ ਨੂੰ ਫੌਰੀ ਰੋਕਣ ਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ।
* ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ 'ਚ ਕੋਰਸ ਦੌਰਾਨ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਤੁਰੰਤ ਸੇਵਾ 'ਤੇ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। -
* ਪਟਿਆਲਾ ਦੇ ਬਹਾਦਰਗੜ੍ਹ ਵਿਖੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਵਿਖੇ ਬੈਚੂਲਰ ਆਫ ਗੁਰਦੁਆਰਾ ਮੈਨੇਜਮੈਂਟ ਸਬੰਧੀ 3 ਸਾਲ ਦਾ ਕੋਰਸ ਸ਼ੁਰੂ ਕੀਤਾ ਜਾਵੇਗਾ। ਗੁਰਦਾਸਪੁਰ ਜ਼ਿਲ੍ਹੇ ਵਿਚ ਪਿੰਡ ਸਰਫਕੋਟ ਦੇ ਵਾਸੀਆਂ ਵੱਲੋਂ ਪੰਜ ਤੋਂ ਇਕ ਗੁਰਦੁਆਰਾ ਸਾਹਿਬ ਕਰਨ 'ਤੇ ਗੁਰਦੁਆਰਾ ਸਾਹਿਬ ਨੂੰ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।-
* ਪੰਥਕ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ਅਤੇ ਅਫਗਾਨਿਸਤਾਨ 'ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਸਬੰਧੀ ਸ਼ੋਕ ਮਤੇ ਰਾਹੀਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਨੂੰ ਮੂਲਮੰਤਰ ਤੇ ਗੁਰਮੰਤਰ ਦੇ ਪਾਠ ਨਾਲ ਸ਼ਰਧਾਂਜਲੀ ਦਿੱਤੀ ਗਈ।