ਪਵਿੱਤਰ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਹੋਵੇ : ਬਡੂੰਗਰ

Saturday, Aug 12, 2017 - 07:53 PM (IST)

ਪਵਿੱਤਰ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਹੋਵੇ : ਬਡੂੰਗਰ

ਅੰਮ੍ਰਿਤਸਰ (ਦੀਪਕ, ਮਮਤਾ) — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਲਗਾਤਾਰ ਸਿੱਖੀ ਪਰ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਿੱਖੀ ਦੇ ਦੁਸ਼ਮਣ ਤਰ੍ਹਾਂ-ਤਰ੍ਹਾਂ ਦੇ ਹੱਥ-ਕੰਢੇ ਇਸਤੇਮਾਲ ਕਰ ਕੇ ਆਏ ਦਿਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡ ਰਹੇ।
ਪੰਜਾਬ ਭਰ 'ਚ ਸਾਜਿਸ਼ ਦੇ ਤਹਿਤ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਕੇ ਤੇ ਹੁਣ ਪਵਿੱਤਰ ਗੁਰਬਾਣੀ ਨੂੰ ਕਪੜਿਆਂ 'ਤੇ ਛਾਪ ਕੇ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ 'ਚ ਇਕ ਮਹਿਲਾ ਦੀ ਕਮੀਜ਼ 'ਤੇ ਗੁਰਬਾਣੀ ਦੇ ਸ਼ਲੋਕ ਛਪੇ ਨਜ਼ਰ ਆ ਰਹੇ ਹਨ, ਜੋ ਗੁਰਬਾਣੀ ਦਾ ਘੋਰ ਨਿਰਾਦਰ ਹੈ। ਅਜਿਹੇ ਕੰਮ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧ 'ਚ ਪੰਜਾਬ ਦੇ ਸਾਈਬਰ ਕ੍ਰਾਈਮ ਸੈਲ ਨੂੰ ਪੱਤਰ ਲਿਖ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਸੰਬੰਧੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।


Related News