400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ
Tuesday, Apr 20, 2021 - 01:24 PM (IST)
ਸ੍ਰੀ ਆਨੰਦਪੁਰ ਸਾਹਿਬ (ਦਲਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਐਤਵਾਰ ਖ਼ਾਲਸਈ ਜਾਹੋ- ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਪਹੁੰਚੇ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਵੱਡੀ ਗਿਣਤੀ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ ਅਤੇ ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਵੀ ਹੈ। ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸਵਾਗਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨਾਲ ਸ਼ਬਦ ਕੀਰਤਨ ਕਰਦਿਆਂ ਨਗਰ ਕੀਰਤਨ ’ਚ ਹਾਜ਼ਰੀ ਭਰੀ। ਉਹ ਗੁਰਦੁਆਰਾ ਸੀਸ ਗੰਜ ਸਾਹਿਬ ਤੱਕ ਸੰਗਤਾਂ ਨਾਲ ਸ਼ਬਦ ਪੜ੍ਹਦੇ ਹੋਏ ਪਹੁੰਚੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਹੁੰਮ-ਹੁਮਾ ਕੇ ਪਹੁੰਚਣ।
ਨਗਰ ਕੀਰਤਨ ਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਜਿੱਥੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਭੇਟ ਕੀਤੀ, ਉਥੇ ਹੀ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵੀ ਵਿਖਾਏ। ਗੁ. ਭਗਤ ਰਵਿਦਾਸ ਚੌਕ ਵਿਖੇ ਪਹੁੰਚਣ ’ਤੇ ਵਪਾਰ ਮੰਡਲ ਵਲੋਂ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।