ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ

Saturday, Nov 19, 2022 - 06:22 PM (IST)

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ

ਗੁਰਦਾਸਪੁਰ (ਵਿਨੋਦ)-ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਹਰਵਿੰਦਰ ਸੋਨੀ ਅਤੇ ਸਿੱਖ ਸੰਗਠਨਾਂ ਵਿਚਾਲੇ ਸੋਨੀ ਵੱਲੋਂ ਦਿੱਤੇ ਭੜਕਾਊ ਭਾਸ਼ਣ ਦੇ ਵਿਰੋਧ ’ਚ ਜੋ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ, ਉਹ ਅੱਜ ਸ਼ਿਵ ਸੈਨਾ ਆਗੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੱਠਾ ਪੈ ਗਿਆ ਹੈ। ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਮੁੱਖ ਹਰਵਿੰਦਰ ਸੋਨੀ ਨੇ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਸਬੰਧੀ ਕੁਝ ਇਤਰਾਜ਼ਯੋਗ ਬਿਆਨਬਾਜ਼ੀ ਕੀਤੀ ਸੀ, ਜਿਸ ਨੂੰ ਲੈ ਕੇ ਸਿੱਖ ਸੰਗਠਨਾਂ ਵੱਲੋਂ ਹਰਵਿੰਦਰ ਸੋਨੀ ਦੇ ਖ਼ਿਲਾਫ਼ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਗਿਆ। ਸੋਨੀ ਖਿਲਾਫ ਐੱਫ. ਆਈ. ਆਰ. ਦਰਜ ਕਰਵਾਉਣ ਦੇ ਨਾਲ-ਨਾਲ ਇਸ ਨੂੰ ਗ੍ਰਿਫ਼ਤਾਰ ਕਰਵਾਉਣ ਲਈ 15 ਨਵੰਬਰ ਨੂੰ ਐੱਸ. ਐੱਸ. ਪੀ. ਦਫ਼ਤਰ ਦਾ ਘਿਰਾਓ ਵੀ ਕੀਤਾ ਗਿਆ ਸੀ। ਇਹ ਘਿਰਾਓ ਵਾਰਿਸ ਪੰਜਾਬ ਸਮੇਤ ਹੋਰ ਸਿੱਖ ਸੰਗਠਨਾਂ ਵੱਲੋਂ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਭਾਜਪਾ ਅਤੇ RSS ਦੀ ਦਖਲਅੰਦਾਜ਼ੀ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਹੋਈ ਜਗ ਜ਼ਾਹਿਰ : ਐਡਵੋਕੇਟ ਧਾਮੀ

ਇਸ ਸਬੰਧੀ ਪੁਲਸ ਨੇ ਸਿੱਖ ਸੰਗਠਨਾਂ ਦੀ ਮੰਗ ’ਤੇ 16 ਨਵੰਬਰ ਨੂੰ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਖ਼ਿਲਾਫ਼ ਸਿਟੀ ਪੁਲਸ ਸਟੇਸ਼ਨ ’ਚ 295 ਏ, 504,505 ਦੇ ਤਹਿਤ ਕੇਸ ਦਰਜ ਕਰ ਲਿਆ ਸੀ ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਸੀ। ਪੁਲਸ ਵੱਲੋਂ ਉਸ ਦੇ ਘਰ ’ਚ ਹੀ ਉਸ ਨੂੰ ਨਜ਼ਰਬੰਦ ਕੀਤਾ ਹੋਇਆ ਸੀ, ਜਿਸ ’ਤੇ ਸਿੱਖ ਸੰਗਠਨਾਂ ਵੱਲੋਂ ਸ਼ਿਵ ਸੈਨਾ ਆਗੂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ’ਤੇ ਪੁਲਸ ਦੀ ਵੀ ਨਿੰਦਾ ਕੀਤੀ ਜਾ ਰਹੀ ਸੀ, ਜਿਸ ਦੇ ਚੱਲਦਿਆਂ ਅੱਜ ਸਿਟੀ ਪੁਲਸ ਗੁਰਦਾਸਪੁਰ ਵੱਲੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਉਸ ਦੇ ਘਰ ਤੋਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਵਿਚ ਸਾਡੇ ’ਤੇ ਕੋਈ ਵੀ ਦਬਾਅ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਵਿੰਦਰ ਸੋਨੀ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਅਦਾਲਤ ਜੋ ਹੁਕਮ ਦੇਵੇਗੀ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਾਊਦੀ ਅਰਬ ਦਾ ਭਾਰਤੀਆਂ ਨੂੰ ਤੋਹਫ਼ਾ, ਵੀਜ਼ੇ ਨੂੰ ਲੈ ਕੇ ਦਿੱਤੀ ਇਹ ਛੋਟ


author

Manoj

Content Editor

Related News