''6 ਜੂਨ ਤੱਕ ਜਾਨੋਂ ਮਾਰ ਦਿਆਂਗੇ...'', ਸ਼ਿਵ ਸੈਨਾ ਪੰਜਾਬ ਪ੍ਰਧਾਨ ਨੂੰ ਮਿਲੀ ਧਮਕੀ
Monday, Jun 01, 2026 - 09:05 PM (IST)
ਖਰੜ (ਅਮਰਦੀਪ) - ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੰਜੀਵ ਘਨੌਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਅਨੁਸਾਰ ਫੋਨ ਕਰਨ ਵਾਲੇ ਵਿਅਕਤੀ ਨੇ 6 ਜੂਨ ਤੱਕ ਉਨ੍ਹਾਂ ਤੇ ਸਚਿਨ ਘਨੌਲੀ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ। ਸੰਜੀਵ ਘਨੌਲੀ ਨੇ ਕਿਹਾ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਏਜੰਸੀਆਂ ਵੱਲੋਂ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਮਾਮਲੇ ’ਚ ਯੁਵਾ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਅਰਵਿੰਦ ਗੌਤਮ ਨੇ ਪੰਜਾਬ ਪੁਲਿਸ ਮੁੱਖੀ ਤੋਂ ਮੰਗ ਕੀਤੀ ਕਿ ਸੰਜੀਵ ਘਨੌਲੀ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਮਕੀਆਂ ਦੇਣ ਵਾਲੇ ਤੱਤਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਹੋਵੇ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਨੂੰ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਘਨੌਲੀ ਨੂੰ ਪਹਿਲਾ ਵੀ ਜਾਨੋਂ ਮਾਰਨ ਦੀਆਂ ਧਮਕੀਆ ਮਿਲ ਚੁੱਕੀਆਂ ਹਨ।
