ਫਗਵਾੜਾ ਥਾਣੇ ਦਾ SHO ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Friday, Oct 11, 2024 - 06:52 PM (IST)

ਫਗਵਾੜਾ ਥਾਣੇ ਦਾ SHO ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਫਗਵਾੜਾ (ਜਲੋਟਾ)- ਫਗਵਾੜਾ ਵਿਖੇ ਵਿਜੀਲੈਂਸ ਦੀ ਟੀਮ ਵੱਲੋਂ ਫਗਵਾੜਾ ਸਿਟੀ ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਅਤੇ ਉਸ ਦੇ ਗੰਨਮੈਨ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਹਾਂ 'ਤੇ ਡੇਢ ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਦਰਅਸਲ ਨਸ਼ਾ ਤਸਕਰੀ ਦੇ ਮਾਮਲੇ ਵਿਚ ਐੱਸ. ਐੱਚ. ਓ. ਇਕ ਵਿਅਕਤੀ ਕੋਲੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ। ਉਸ ਦੇ ਚਲਦਿਆਂ ਵਿਜੀਲੈਂਸ ਨੇ ਰੇਡ ਕਰਕੇ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਐੱਸ. ਐੱਚ. ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਮਾਰਚ 'ਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ 'ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ (ਐੱਨ. ਡੀ. ਪੀ. ਐੱਸ.) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ 'ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ।

PunjabKesari
ਇਹ ਵੀ ਪੜ੍ਹੋ- ਨਿੱਜੀ ਹਸਪਤਾਲ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖਿਆ, ਸੌਰੀ ਡੈਡੀ ਮੈਂ ...

ਉਸ ਨੇ ਅੱਗੇ ਦੋਸ਼ ਲਾਇਆ ਕਿ ਬਾਅਦ 'ਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਇਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖ਼ਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ੍ਹ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਅਦਾਲਤ ਵਿੱਚ ਉਸ ਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਅਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-  9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News