ਗੁਰਦੁਆਰਾ ਸਾਹਿਬ ''ਤੇ ਗੋਲ਼ੀਬਾਰੀ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ

Monday, Nov 02, 2026 - 06:24 PM (IST)

ਗੁਰਦੁਆਰਾ ਸਾਹਿਬ ''ਤੇ ਗੋਲ਼ੀਬਾਰੀ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ

ਹਲਵਾਰਾ, (ਲਾਡੀ ਸਿੱਧੂ): ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਤੜਕਸਾਰ ਹੋਈ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਤੱਕ ਪਹੁੰਚਣ 'ਚ ਲੁਧਿਆਣਾ ਦਿਹਾਤੀ ਪੁਲਸ ਨੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਮਾਮਲੇ 'ਚ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਵਾਰਦਾਤ 'ਚ ਉਸ ਦੇ ਨਾਲ ਸ਼ਾਮਲ ਦੂਜੇ ਮੁਲਜ਼ਮ ਦੀ ਵੀ ਪਛਾਣ ਕਰ ਲਈ ਗਈ ਹੈ। ਪੁਲਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਨੂਰਪੁਰ, ਮਾਛੀਵਾੜਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਇਸ ਗ੍ਰਿਫ਼ਤਾਰੀ ਨਾਲ 28 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਫਾਇਰਿੰਗ ਦੇ ਮਾਮਲੇ ਦੀ ਜਾਂਚ ਨੂੰ ਵੱਡੀ ਦਿਸ਼ਾ ਮਿਲੀ ਹੈ।
ਇਸ ਸਬੰਧੀ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 28 ਅਕਤੂਬਰ ਨੂੰ ਸਵੇਰੇ ਕਰੀਬ 3:10 ਵਜੇ ਦੋ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ। ਦੋਵਾਂ ਨੇ ਮੁੱਖ ਸੇਵਾਦਾਰ ਦੇ ਕਮਰੇ ਵੱਲ ਫਾਇਰਿੰਗ ਕੀਤੀ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਘਟਨਾ ਦੌਰਾਨ ਬਾਬਾ ਬਲਦੇਵ ਸਿੰਘ ਵਾਲ-ਵਾਲ ਬਚ ਗਏ ਸਨ। ਗੋਲੀਬਾਰੀ ਕਾਰਨ ਕਮਰੇ ਦੇ ਸ਼ੀਸ਼ੇ ਅਤੇ ਦਰਵਾਜ਼ੇ ਨੂੰ ਨੁਕਸਾਨ ਪੁੱਜਿਆ ਸੀ।
ਐੱਸ.ਐੱਸ.ਪੀ. ਨੇ ਦੱਸਿਆ ਕਿ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਪੁਲਸ ਟੀਮਾਂ ਨੇ ਹਮਲਾਵਰਾਂ ਦੇ ਆਉਣ ਤੇ ਵਾਰਦਾਤ ਤੋਂ ਬਾਅਦ ਫ਼ਰਾਰ ਹੋਣ ਵਾਲੇ ਸੰਭਾਵਿਤ ਰਸਤਿਆਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਕਰੀਬ 200 ਕਿਲੋਮੀਟਰ ਦੇ ਰੂਟ ’ਤੇ ਲੱਗੇ ਵੱਖ-ਵੱਖ ਕੈਮਰਿਆਂ ਦੀਆਂ ਰਿਕਾਰਡਿੰਗਾਂ ਖੰਗਾਲੀਆਂ ਗਈਆਂ। ਤਕਨੀਕੀ ਸਾਧਨਾਂ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ ’ਤੇ ਪੁਲਸ ਮੁਲਜ਼ਮਾਂ ਦੀ ਪਛਾਣ ਕਰਨ 'ਚ aਕਾਮਯਾਬ ਰਹੀ।
ਉਨ੍ਹਾਂ ਦੱਸਿਆ ਕਿ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਵਾਰਦਾਤ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਫਾਇਰਿੰਗ ਕਰਨ ਪਿੱਛੇ ਅਸਲ ਮਨਸ਼ਾ ਕੀ ਸੀ ਅਤੇ ਇਸ ਘਟਨਾ ਦੀ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ। ਪੁਲਸ ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੀ ਲਗਾਤਾਰ ਯਤਨ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਘਟਨਾ ਸਬੰਧੀ ਥਾਣਾ ਸੁਧਾਰ ਵਿਖੇ ਮੁਕੱਦਮਾ ਨੰਬਰ 165 ਮਿਤੀ 28 ਅਕਤੂਬਰ 2026 ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 109 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਸੀ। ਗੁਰਦੁਆਰਾ ਸਾਹਿਬ ਵਰਗੇ ਧਾਰਮਿਕ ਅਸਥਾਨ ਅੰਦਰ ਦਾਖ਼ਲ ਹੋ ਕੇ ਮੁੱਖ ਸੇਵਾਦਾਰ ਦੇ ਕਮਰੇ ਨੂੰ ਨਿਸ਼ਾਨਾ ਬਣਾਉਣ ਦੀ ਇਸ ਘਟਨਾ ਨੇ ਇਲਾਕੇ ਵਿੱਚ ਕਾਫ਼ੀ ਚਿੰਤਾ ਪੈਦਾ ਕਰ ਦਿੱਤੀ ਸੀ। ਪੁਲਸ ਵੱਲੋਂ ਹੁਣ ਗ੍ਰਿਫ਼ਤਾਰ ਮੁਲਜ਼ਮ ਤੋਂ ਕੀਤੀ ਜਾ ਰਹੀ ਪੁੱਛਗਿੱਛ ਅਤੇ ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਵਾਰਦਾਤ ਨਾਲ ਜੁੜੇ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।

 


author

Shubam Kumar

Content Editor

Related News