ਮੋਹਾਲੀ 'ਚ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਦੁਕਾਨਦਾਰਾਂ ਨੂੰ ਚਿਤਾਵਨੀ

Monday, Oct 10, 2022 - 01:37 PM (IST)

ਮੋਹਾਲੀ 'ਚ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਦੁਕਾਨਦਾਰਾਂ ਨੂੰ ਚਿਤਾਵਨੀ

ਮੋਹਾਲੀ (ਪਰਦੀਪ) : ਆਉਣ ਵਾਲੇ ਤਿਓਹਾਰਾਂ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ (ਡੀ. ਐੱਚ. ਓ.) ਡਾ. ਸੁਭਾਸ਼ ਕੁਮਾਰ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫਲ ਵਿਕਰੇਤਾਵਾਂ, ਦੋਧੀਆਂ ਅਤੇ ਹੋਰ ਫ਼ੂਡ ਬਿਜ਼ਨੈੱਸ ਆਪਰੇਟਰਜ਼ (ਐੱਫ਼. ਬੀ. ਓ.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਅਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਫ਼ੂਡ ਸੇਫ਼ਟੀ ਵਿੰਗ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿਚਲੀਆਂ ਦੁਕਾਨਾਂ ਅਤੇ ਹੋਰ ਥਾਵਾਂ ’ਤੇ ਲਗਾਤਾਰ ਜਾਂਚ ਕਰਦਾ ਰਹਿੰਦਾ ਹੈ, ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਅਲਰਟ ਜਾਰੀ, ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ

ਉਨ੍ਹਾਂ ਕਿਹਾ ਕਿ ਜੇ ਕੋਈ ਦੁਕਾਨਦਾਰ ਖ਼ਾਲਸ ਅਤੇ ਮਿਆਰੀ ਚੀਜ਼ਾਂ ਵੇਚਦਾ ਹੈ ਤਾਂ ਉਸ ਨੂੰ ਚੈਕਿੰਗ ਤੋਂ ਡਰਨ ਦੀ ਲੋੜ ਨਹੀਂ। ਜਾਂਚ ਦਾ ਮੰਤਵ ਕਿਸੇ ਦੁਕਾਨਦਾਰ ਨੂੰ ਤੰਗ ਕਰਨਾ, ਨਹੀਂ ਸਗੋਂ ਚੀਜ਼ਾਂ ਦੇ ਮਿਆਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਮੋਹਾਲੀ ਅਮਿਤ ਤਲਵਾੜ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਵੀ ਇਹ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸੇ ਦੌਰਾਨ ਫ਼ੂਡ ਸੇਫਟੀ ਟੀਮ ਨੇ ਕੁਰਾਲੀ ਅਤੇ ਨਿਊ ਚੰਡੀਗੜ੍ਹ ਵਿਖੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕਰ ਕੇ ਵੱਖ-ਵੱਖ ਚੀਜ਼ਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ : ਸ਼ਰਮਨਾਕ : 8 ਮਹੀਨੇ ਦੀ ਧੀ 'ਤੇ ਪਿਸਤੌਲ ਤਾਣ ਰਿਟਾਇਰਡ ਪੁਲਸ ਮੁਲਾਜ਼ਮ ਨੇ ਮਾਂ ਨਾਲ ਬਣਾਏ ਸਰੀਰਕ ਸਬੰਧ

ਸਿਵਲ ਸਰਜਨ ਨੇ ਕਿਹਾ ਕਿ ‘ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ’ ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਿਤ ਵਿਅਕਤੀ ਲਈ ਸ਼ੁੱਧ, ਮਿਲਾਵਟ ਰਹਿਤ ਅਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News