ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
Sunday, Oct 30, 2022 - 05:53 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ 6,7,8 ਨਵੰਬਰ ਨੂੰ ਵਿਸ਼ਵ ਪੱਧਰੀ ਸਮਾਗਮ ਕਰਕੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਕਪੂਰਥਲਾ ਤੋਂ ਸਲਾਨਾ ਮਹਾਨ ਪੈਦਲ ਯਾਤਰਾ ਅੱਜ ਤੜਕੇ 4 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ, ਜੋ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪੁੱਜੇਗੀ। ਇਸ ਵਿਚ ਹਜਾਰਾਂ ਸ਼ਰਧਾਲੂ 30 ਕਿਲੋਮੀਟਰ ਦਾ ਪੈਡਾ ਪੈਦਲ ਚਲਦੇ ਹੋਏ ਨਾਮ ਸਿਮਰਨ ਕਰਦੇ ਹੋਏ ਪੂਰਾ ਕਰਨਗੇ।
ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਸੁਲਤਾਨਪੁਰ ਲੋਧੀ ਨਤਮਸਤਕ ਹੋਣ ਲਈ ਆ ਰਹੀਆਂ ਹਨ, ਜਿਨ੍ਹਾਂ ਦੀ ਰਿਹਾਇਸ਼ ਅਤੇ ਲੰਗਰਾਂ ਆਦਿ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਮੈਨੇਜਰ ਬਾਜਵਾ ਨੇ ਦੱਸਿਆ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਚਾਰੇ ਪਾਸਿਓਂ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਜਾਵੇਗਾ ਅਤੇ ਰੰਗ ਬਿਰੰਗੀ ਲਾਈਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਪੂਰਥਲਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ’ਚ ਵਿਛਾਏ ਸੱਥਰ, ਦੋ ਦੋਸਤਾਂ ਦੀ ਦਰਦਨਾਕ ਮੌਤ
ਜੋੜ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਸਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ 7 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਵੇਰੇ 10 ਵਜੇ ਮਹਾਨ ਨਗਰ ਕੀਰਤਨ ਆਰੰਭ ਹੋਵੇਗਾ। ਇਹ ਵਿਸ਼ਾਲ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਇਆ ਜਾਵੇਗਾ, ਜੋ ਨਵੀਂ ਦਾਨਾ ਮੰਡੀ 'ਚੋਂ ਹੁੰਦੇ ਹੋਏ ਸ਼ਹੀਦ ਊਧਮ ਸਿੰਘ ਚੌਂਕ, ਤਲਵੰਡੀ ਪੁਲ ਚੌਂਕ , ਆਰੀਆ ਸਮਾਜ ਚੌਂਕ, ਗੁਰਦੁਆਰਾ ਗੁਰੂ ਕਾ ਬਾਗ ਸਾਹਿਬ, ਚੌਂਕ ਚੇਲਿਆਂ ਵਾਲਾ, ਰੇਲਵੇ ਸਟੇਸ਼ਨ ਤੋਂ ਹੁੰਦੇ ਹੋਏ ਸਦਰ ਬਜਾਰ ਰਾਂਹੀ ਸ਼ਾਮ ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀ ਸੰਪੂਰਨਤਾ ਉਪਰੰਤ ਰਾਤ ਦੇ ਧਾਰਮਿਕ ਦੀਵਾਨ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸਜਾਏ ਜਾਣਗੇ, ਜੋਕਿ 9 ਨਵੰਬਰ ਸਵੇਰ ਤੱਕ ਜਾਰੀ ਰਹਿਣਗੇ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਬੇਰ ਸਾਹਿਬ ਦੇ ਮੁੱਖ ਦਰਬਾਰ ਸਾਹਿਬ 'ਚ 6 ਨਵੰਬਰ ਦੀ ਰਾਤ ਨੂੰ ਸ੍ਰੀ ਅਖੰਡ ਸਾਹਿਬ ਆਰੰਭ ਹੋਣਗੇ, ਜਿਸ ਦੇ ਭੋਗ 8 ਨਵੰਬਰ ਦੀ ਅੱਧੀ ਰਾਤ ਨੂੰ ਪਾਏ ਜਾਣਗੇ। ਗੁਰਦੁਆਰਾ ਬੇਰ ਸਾਹਿਬ ਦੇ ਮੁੱਖ ਲੰਗਰ ਹਾਲ 'ਚ ਬੰਬਈ ਦੀਆਂ ਸੰਗਤਾਂ ਵੱਲੋਂ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਰੰਗ ਰੋਗਨ ਦੀ ਸੇਵਾ ਚੱਲ ਰਹੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਲੰਗਰ ਹਾਲ ਦੀਆਂ ਦੋਵੇਂ ਮੰਜਿਲਾਂ ਅਤੇ ਇਸ ਵਾਰ ਸ਼ਾਹੀ ਪਕਵਾਨਾਂ ਦੇ ਅਤੁੱਟ ਲੰਗਰ 24 ਘੰਟੇ ਛਕਾਏ ਜਾਣਗੇ। ਇਸ ਸਮੇਂ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਬੇਰ ਸਾਹਿਬ, ਭਾਈ ਹਰਜੀਤ ਸਿੰਘ ਪ੍ਰਚਾਰਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਸਮੁੰਦਰ ਸਿੰਘ ਢਿੱਲੋਂ ਸੀਨੀਅਰ ਆਗੂ, ਜਰਨੈਲ ਸਿੰਘ ਅਕਾਉਟੈਟ, ਭੁਪਿੰਦਰ ਸਿੰਘ ਆਰ. ਕੇ, ਰਣਜੀਤ ਸਿੰਘ ਠੱਟਾ ਅਤੇ ਹੋਰਨਾਂ ਨੇ ਸ਼ਿਰਕਤ ਕੀਤੀ ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਜਲੰਧਰ ਦੇ ਪਿੰਡ ਗਾਖਲ ਦਾ ਨਿਕਲਿਆ ਕੈਨੇਡਾ ’ਚ ਹੋਏ 200 ਕਰੋੜ ਦੇ ਡਰੱਗ ਰੈਕੇਟ ਦਾ ਮਾਸਟਰਮਾਈਂਡ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ