ਲੰਗਰ ਸ੍ਰੀ ਗੁਰੂ ਰਾਮਦਾਸ ''ਚ ਦਾਲਾਂ ਦੀ ਹੇਰਾਫੇਰੀ ਦੇ ਦੋਸ਼ ਮਨਘੜਤ: ਮੁਖਤਾਰ ਸਿੰਘ ਚੀਮਾ

Sunday, Jun 28, 2020 - 04:24 PM (IST)

ਲੰਗਰ ਸ੍ਰੀ ਗੁਰੂ ਰਾਮਦਾਸ ''ਚ ਦਾਲਾਂ ਦੀ ਹੇਰਾਫੇਰੀ ਦੇ ਦੋਸ਼ ਮਨਘੜਤ: ਮੁਖਤਾਰ ਸਿੰਘ ਚੀਮਾ

ਅੰਮ੍ਰਿਤਸਰ (ਅਨਜਾਣ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਪੁੱਜੀਆਂ ਦਾਲਾਂ ਵਿਚ ਹੇਰਾਫੇਰੀ ਬਾਰੇ ਨਿਰਾਧਾਰਦੋਸ਼ਾਂ ਦਾ ਜ਼ੋਰਦਾਰ ਖੰਡਨ ਕੀਤਾ ਹੈ। ਇਸ ਸਬੰਧੀ ਬੀਤੇ ਦਿਨ ਲੁਧਿਆਣੇ ਤੋਂ ਛਪਦੀ ਪੰਜਾਬੀ ਦੀ ਇਕ ਅਖਬਾਰ 'ਚ ਛਪੀ ਖਬਰ ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਕਿਹਾ ਕਿ ਕੁਝ ਲੋਕ ਜਾਣ ਬੁੱਝ ਕੇ ਗੁਰੂ ਘਰ ਦੇ ਪ੍ਰਬੰਧ ਨੂੰ ਬਦਨਾਮ ਕਰਨ 'ਤੇ ਤੁਲੇ ਹੋਏ ਹਨ। ਜਦਕਿ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕੀ ਕਾਰਜ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੇ ਜਾਂਦੇ ਹਨ। ਮਨਘੜਤ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਝੂਠੀ ਖਬਰ ਫੈਲਾਉਣ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਗਰ ਲਈ ਕੀਤੀ ਜਾਂਦੀ ਕਿਸੇ ਵੀ ਕਿਸਮ ਦੀ ਖਰੀਦ ਤੇ ਸ਼ਰਧਾਲਆਂ ਵੱਲੋਂ ਚੜ੍ਹਾਈ ਜਾਂਦੀ ਚੜ੍ਹਤ ਦਾ ਬਕਾਇਆ ਹਿਸਾਬ-ਕਿਤਾਬ ਰੱਖਿਆਂ ਜਾਂਦਾ ਹੈ। ਸ਼ਰਧਾਲੂਆਂ ਦੀਆਂ ਰਸਦਾਂ ਦੀ ਉਨ੍ਹਾਂ ਨੂੰ ਰਸੀਦ ਦਿੱਤੀ ਜਾਂਦੀ ਹੈ ਅਤੇ ਵਸਤੂਆਂ ਸਟੋਰ 'ਚ ਦਰਜ ਕੀਤੀਆਂ ਜਾਂਦੀਆਂ ਹਨ। ਪਰੰਤੂ ਕੁਝ ਸ਼ਰਾਰਤੀ ਕਿਸਮ ਦੇ ਲੋਕ ਗੁਰੂ ਘਰ ਦੇ ਪ੍ਰਬੰਧਾਂ ਬਾਰੇ ਜਾਣ ਬੁਝ ਕੇ ਭੰਡੀ ਪ੍ਰਚਾਰ ਕਰ ਰਹੇ ਨੇ। ਇਨ੍ਹਾਂ ਦੀ ਮਨਸ਼ਾ ਸੰਸਥਾ ਨੂੰ ਬਦਨਾਮ ਕਰਨ ਤੋਂ ਵੱਧ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਅੱਠ ਲੱਖ ਦੀਆਂ ਦਾਲਾਂ ਦਾ ਲਗਾਇਆ ਦੋਸ਼ ਕੋਰਾ ਝੂਠ ਹੈ।

ਇਹ ਦੋਸ਼ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੀ ਆਭਾ ਨੂੰ ਠੇਸ ਪਹੁੰਚਾਉਣ ਦੀ ਕੋਝੀ ਹਰਕਤ ਹੈ। ਉਨ੍ਹਾਂ ਕਿਹਾ ਕਿ ਤੱਥ ਰਹਿਤ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਵਿਸ਼ਵ ਵਿਆਪੀ ਕੋਰੋਨਾ ਮਹਾਮਾਰੀ ਕਾਰਨ ਤਾਲਾਬੰਦੀ ਹੋਈ ਹੈ ਉਦੋਂ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਲੋਂ ਵੱਡੀ ਪੱਧਰ 'ਤੇ ਲੋੜਵੰਦਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ, ਪਰ ਇਸ ਸਭ ਨੂੰ ਅੱਖੋਂ ਓਹਲੇ ਕਰਦਿਆਂ ਮੰਦ ਭਾਵਨਾ ਨਾਲ ਗੁਰੂ ਘਰ ਦੇ ਪ੍ਰਬੰਧਾਂ ਨੂੰ ਭੰਡਣਾ ਠੀਕ ਨਹੀਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਮਨਘੜਨ ਅਫ਼ਵਾਹਾਂ ਤੇ ਯਕੀਨ ਨਾ ਕਰਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਐਡੀ: ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ ਤੇ ਸੁਖਬੀਰ ਸਿੰਘ ਵੀ ਹਾਜ਼ਰ ਸਨ।


author

Shyna

Content Editor

Related News