ਪੰਜਾਬ: ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ! ਘਰ ''ਚ ਵਿਛੇ ਸੱਥਰ

Wednesday, Jun 17, 2026 - 11:18 AM (IST)

ਪੰਜਾਬ: ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ! ਘਰ ''ਚ ਵਿਛੇ ਸੱਥਰ

ਲੁਧਿਆਣਾ (ਰਾਜ): ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਖੁਸ਼ੀ-ਖੁਸ਼ੀ ਵਾਪਸ ਨਾਲ ਪਰਤ ਰਹੇ ਪਰਿਵਾਰ ਨਾਲ ਰਾਹ ਵਿਚ ਅਣਹੋਣੀ ਵਾਪਰ ਗਈ। ਸਾਹਨੇਵਾਲ ਇਲਾਕੇ ਵਿਚ ਨੈਸ਼ਨਲ ਹਾਈਵੇਅ 'ਤੇ ਵਾਪਰੇ ਹਾਦਸੇ ਵਿਚ ਕਾਰ ਸਵਾਰ ਪਰਿਵਾਰ ਦੇ ਇਕ ਜੀਅ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਤੇ 2 ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦੂਜੇ ਵਾਹਨ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਕਾਰਨ ਦੋਹਾਂ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਦੂਜਾ ਵਾਹਨ ਚਾਲਕ ਪਰਿਵਾਰ ਦੀ ਮਦਦ ਕਰਨ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਰਾਦਾਬਾਦ ਵਾਸੀ ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਭੂਆ ਦਾ ਮੁੰਡਾ ਨਰਿੰਦਰ ਕੁਮਾਰ (46), ਜੋ ਕਿ ਆਦਰਸ਼ ਨਗਰ ਹਰਿਦੁਆਰ ਰੋਡ ਦੇਹਰਾਦੂਨ ਦਾ ਰਰਹਿਣ ਵਾਲਾ ਸੀ ਤੇ ਇਕ ਪ੍ਰਾਈਵੇਟ ਨੌਕਰੀ ਕਰਦਾ ਸੀ। ਨਰਿੰਦਰ ਆਪਣੀ ਪਤਨੀ ਤੇ ਧੀ-ਪੁੱਤਰ ਦੇ ਨਾਲ ਆਲਟੋ ਕਾਰ ਵਿਚ ਸਵਾਰ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਕੱਟੜੇ ਗਿਆ ਸੀ। ਯਾਤਰਾ ਤੋਂ ਵਾਪਸੀ 'ਤੇ 16 ਜੂਨ ਨੂੰ ਸਵੇਰੇ 4.30 ਵਜੇ ਜਦੋਂ ਉਨ੍ਹਾਂ ਦੀ ਕਾਰ ਸਾਹਨੇਵਾਲ ਸਥਿਤ ਗੁਰਦੁਆਰਾ ਰੇਰੂ ਸਾਹਿਬ ਦੇ ਸਾਹਮਣੇ ਪਹੁੰਚੀ ਤਾਂ ਅੱਗੇ ਚੱਲ ਰਹੇ ਇਕ ਅਣਪਛਾਤੇ ਵਾਹਨ ਚਾਲਕ ਨੇ ਲਾਪਰਵਾਹੀ ਨਾਲ ਅਚਾਨਕ ਸੜਕ ਵਿਚਾਲੇ ਹੀ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਨਰਿੰਦਰ ਦੀ ਕਾਰ ਉਸ ਵਾਹਨ ਵਿਚ ਜਾ ਟਕਰਾਈ। ਇਸ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ਵਿਚ ਸਵਾਰ ਚਾਰੋ ਜੀਅ ਅੰਦਰ ਹੀ ਫੱਸ ਗਏ ਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਨਰਿੰਦਰ ਕੁਮਾਰ ਦੇ ਸਿਰ ਵਿਚ ਡੂੰਘੀ ਸੱਟ ਲੱਗੀ ਸੀ। ਉਸ ਨੂੰ ਇਲਾਜ ਲਈ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਚੰਡੀਗੜ੍ਹ ਲਿਜਾਇਆ ਜਾ ਰਿਹਾ ਸੀ, ਪਰ ਨਰਿੰਦਰ ਨੇ ਰਾਹ ਵਿਚ ਹੀ ਦਮ ਤੋੜ ਦਿੱਤਾ ਤੇ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਨਰਿੰਦਰ ਦੀ ਪਤਨੀ ਤੇ ਦੋਹਾਂ ਬੱਚਿਆਂ ਦਾ ਇਲਾਜ ਜਾਰੀ ਹੈ। 

ਇਸ ਹਾਦਸੇ ਮਗਰੋਂ ਥਾਣਾ ਸਾਹਨੇਵਾਲ ਦੀ ਪੁਲਸ ਨੇ ਮੁਸਤੈਦੀ ਦਿਖਾਉਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਸ਼ਿਕਾਇਤਕਰਤਾ ਰਜਨੀਸ਼ ਸ਼ਰਮਾ ਦੇ ਬਿਆਨਾਂ ਦੇ ਅਧਾਰ 'ਤੇ ਫ਼ਰਾਰ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 281, 106, 125ਏ, 125ਬੀ ਅਤੇ 324 (4) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਹਾਈਵੇਅ ਤੇ ਆਲੇ-ਦੁਆਲੇ ਦੇ ਢਾਬਿਆਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮ ਬਾਰੇ ਪਤਾ ਲਗਾ ਕੇ ਉਸ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾ ਸਕੇ। 


author

Anmol Tagra

Content Editor

Related News