ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨਾਲ ਇਕ ਹੋਰ ਮੌਤ, 12 ਨਵੇਂ ਕੇਸ ਆਏ ਸਾਹਮਣੇ

Thursday, Nov 26, 2020 - 05:59 PM (IST)

ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨਾਲ ਇਕ ਹੋਰ ਮੌਤ, 12 ਨਵੇਂ ਕੇਸ ਆਏ ਸਾਹਮਣੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਹਾਵੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ ਕੋਰੋਨਾ ਦੇ 12 ਨਵੇਂ ਕੇਸਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ, 9 ਕੇਸ ਮਲੋਟ, 1 ਕੇਸ ਬਰੀਵਾਲਾ ਤੇ 1 ਕੇਸ ਪਿੰਡ ਫੁੱਲੂ ਖੇੜਾ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 13 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 356 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਇਸ ਸਮੇਂ 1045 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 649 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3522 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3204 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 233 ਕੇਸ ਸਰਗਰਮ ਚੱਲ ਰਹੇ ਹਨ।

80 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ
ਜ਼ਿਲ੍ਹੇ ਦੀ ਮੰਡੀ ਗਿੱਦੜਬਾਹਾ ਦੇ ਰੂਪ ਨਗਰ ਦੇ ਰਹਿਣ ਵਾਲੇ 80 ਸਾਲਾ ਵਿਅਕਤੀ ਦੀ ਅੱਜ ਕੋਰੋਨਾ ਕਰਕੇ ਮੌਤ ਹੋ ਗਈ ਹੈ। ਮ੍ਰਿਤਕ ਕੋਰੋਨਾ ਪਾਜ਼ੇਟਿਵ ਚੱਲ ਰਿਹਾ ਸੀ ਤੇ ਬਠਿੰਡਾ ਦੇ ਇੱਕ ਹਸਪਤਾਲ ਵਿਖੇ ਇਲਾਜ ਅਧੀਨ ਸੀ, ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ ਕੁੱਲ 85 ਮੌਤਾਂ ਹੋ ਚੁੱਕੀਆਂ ਹਨ।

ਕੋਰੋਨਾ ਵਾਰਡ 'ਚ ਦਾਖ਼ਲ ਮਰੀਜ਼ਾਂ ਨੂੰ ਕਰਾਇਆ ਜਾ ਰਿਹੈ ਯੋਗਾ
ਸਿਵਲ ਹਸਪਤਾਲ ਦੇ ਕੋਰੋਨਾ ਵਾਰਡ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਜਲਦੀ ਸਿਹਤਯਾਬੀ ਲਈ ਵਿਭਾਗ ਵੱਲੋਂ ਉਨ੍ਹਾਂ ਨੂੰ ਯੋਗ ਕਿਰਿਆਵਾਂ ਕਰਾਈਆਂ ਜਾ ਰਹੀਆਂ ਹਨ। ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ 40 ਸਕਿੰਟਾਂ ਦੀ ਵੀਡਿਓ ਵਿੱਚ ਕੋਰੋਨਾ ਦੇ ਮਰੀਜ਼ ਯੋਗ ਕਰਦੇ ਵਿਖਾਏ ਗਏ ਹਨ। ਸ਼ੋਸ਼ਲ ਡਿਸਟੈਂਸਿੰਗ ਤੇ ਬਾਕੀ ਹਦਾਇਤਾਂ ਤਹਿਤ ਮਰੀਜ਼ ਯੋਗ ਕਰ ਰਹੇ ਹਨ, ਜਿੰਨ੍ਹਾਂ ਨੂੰ ਇੱਕ ਵਿਸ਼ੇਸ਼ ਟ੍ਰੇਨਰ ਵੱਲੋਂ ਇਹ ਕਿਰਿਆਵਾਂ ਕਰਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ, ਇਸ ਲਈ ਯੋਗ ਨਾਲ ਸਰੀਰ ਨੂੰ ਬਿਮਾਰੀਆਂ ਨਾਲ ਲੜਣ ਦੇ ਯੋਗ ਬਣਾਇਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵੀ ਯੋਗ ਅਪਨਾਏ ਜਾਣ ਦੀ ਅਪੀਲ ਕੀਤੀ ਗਈ ਹੈ।


author

Shyna

Content Editor

Related News