ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
Thursday, Sep 24, 2026 - 11:25 AM (IST)
ਜਲੰਧਰ (ਸੁਧੀਰ)- ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਚ 25 ਸਤੰਬਰ ਨੂੰ ਹੋਣ ਵਾਲੇ ਸਲਾਨਾ ਮੇਲੇ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਥੇ ਇਹ ਵੀ ਦੱਸ ਦੇਈਏ ਕਿ ਬਾਬਾ ਸੋਢਲ ਦਾ ਮੇਲੇ ਦੀ ਸ਼ੁਰੂਆਤ ਤਿੰਨ ਦਿਨ ਪਹਿਲਾਂ ਹੀ ਹੋ ਜਾਂਦੀ ਹੈ। ਬਾਬਾ ਸੋਢਲ ਦੇ ਮੰਦਿਰ ਦੀ ਸਜਾਵਟ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਰੰਗ-ਬਿਰੰਗੀਆਂ ਲਾਈਟਾਂ ਨਾਲ ਮੰਦਿਰ ਰੁਸ਼ਨਾ ਰਿਹਾ ਹੈ। ਲੋਕ ਦੂਰੋ-ਦੂਰੋ ਮੰਦਿਰ ਵਿਚ ਨਤਮਸਤਕ ਹੋਣ ਲਈ ਆ ਰਹੇ ਹਨ। ਪੁਲਸ ਕਮਿਸ਼ਨਰ ਸਤਿੰਦਰ ਸਿੰਘ, ਆਈ. ਪੀ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਸੀ. ਪੀ. ਸਿਟੀ ਆਦਿੱਤਿਆ ਐੱਸ. ਵਾਰੀਅਰ, ਆਈ. ਪੀ. ਐੱਸ. ਅਤੇ ਡੀ. ਸੀ. ਪੀ. ਲਾਅ ਐਂਡ ਆਰਡਰ ਜਸਰੂਪ ਕੌਰ ਬਾਠ, ਆਈ. ਪੀ. ਐੱਸ. ਦੀ ਨਿਗਰਾਨੀ ਹੇਠ ਕਰੀਬ 1500 ਪੁਲਸ ਮੁਲਾਜ਼ਮਾਂ ਨੂੰ ਸੁਰੱਖਿਆ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਲੋੜ ਅਨੁਸਾਰ ਹੋਰ ਜ਼ਿਲ੍ਹਿਆਂ ਤੋਂ ਵਾਧੂ ਪੁਲਸ ਬਲ ਵੀ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਵਾਧੂ ਗਜ਼ਟਿਡ ਅਧਿਕਾਰੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਪੁਲਸ ਮੁਲਾਜ਼ਮਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਤੁਰੰਤ ਸੂਚਨਾ ਦੇ ਆਦਾਨ-ਪ੍ਰਦਾਨ ਲਈ ਵਾਇਰਲੈੱਸ ਸੈੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਮੰਦਿਰ ਦੇ ਸਾਹਮਣੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿੱਥੋਂ ਮੇਲੇ ਦੌਰਾਨ 24 ਘੰਟੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਮੰਦਿਰ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ’ਤੇ ਨਿਗਰਾਨੀ ਪੋਸਟਾਂ ਸਥਾਪਿਤ ਕੀਤੀਆਂ ਗਈਆਂ ਹਨ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਤੁਰੰਤ ਕਾਰਵਾਈ ਦਲ, ਆਰਮਡ ਰਿਜ਼ਰਵ ਪੁਲਸ, ਬੰਬ ਰੋਕੂ ਅਤੇ ਐਂਟੀ-ਸਾਬੋਟਾਜ ਟੀਮਾਂ ਅਤੇ ਡਾਗ ਸਕੁਐਡ ਤਾਇਨਾਤ ਕੀਤੇ ਗਏ ਹਨ। ਮੰਦਰ ਕੰਪਲੈਕਸ ਵਿਚ ਮੈਟਲ ਡਿਟੈਕਟਰ ਅਤੇ ਜੈਮਰ ਵੀ ਲਗਾਏ ਗਏ ਹਨ।

ਪੁਲਸ ਵੱਲੋਂ ਬਾਡੀ ਕੈਮਰਿਆਂ ਨਾਲ ਲੈਸ ਮੁਲਾਜ਼ਮਾਂ ਦੇ ਨਾਲ-ਨਾਲ ਸਾਦੇ ਕੱਪੜਿਆਂ ਵਿਚ ਪੁਲਸ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਮੰਦਰ ਕੰਪਲੈਕਸ ਅਤੇ ਆਲੇ-ਦੁਆਲੇ ਪੈਦਲ ਗਸ਼ਤ ਕਰਨ ਵਾਲੀਆਂ ਪੁਲਸ ਟੀਮਾਂ ਨੂੰ ਲਗਾਤਾਰ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਭੀੜ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਤੌਰ ’ਤੇ ਤਾਇਨਾਤ ਪੁਲਸ ਮੁਲਾਜ਼ਮ ਸ਼ੱਕੀ ਸਰਗਰਮੀਆਂ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਇਹ ਵੀ ਪੜ੍ਹੋ- ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼

ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪਾਰਕਿੰਗ ਪ੍ਰਬੰਧ
ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਪਾਰਕਿੰਗ ਪ੍ਰਬੰਧ ਕੀਤੇ ਗਏ ਹਨ। ਮੰਦਿਰ ਦੇ ਆਲੇ-ਦੁਆਲੇ ਲੋੜੀਂਦੀਆਂ ਥਾਵਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਨਿਯੰਤਰਿਤ ਕਰਦੇ ਹੋਏ ਨੋ-ਐਂਟਰੀ ਜ਼ੋਨ ਬਣਾਏ ਗਏ ਹਨ। ਇਨ੍ਹਾਂ ਖੇਤਰਾਂ 'ਚ ਸਿਰਫ਼ ਪੈਦਲ ਆਵਾਜਾਈ ਦੀ ਇਜਾਜ਼ਤ ਹੋਵੇਗੀ ਅਤੇ ਹਰ ਕਿਸਮ ਦੇ ਵਾਹਨਾਂ ਦੀ ਐਂਟਰੀ ਪੂਰੀ ਤਰ੍ਹਾਂ ਬੰਦ ਰਹੇਗੀ। ਵੱਖ-ਵੱਖ ਥਾਵਾਂ ’ਤੇ ਗਜ਼ਟਿਡ ਅਧਿਕਾਰੀਆਂ ਦੀ ਸ਼ਿਫਟਵਾਰ ਡਿਊਟੀ ਲਗਾਈ ਗਈ ਹੈ, ਤਾਂ ਜੋ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾ ਸਕੇ।

ਕਮਿਸ਼ਨਰੇਟ ਪੁਲਸ ਵੱਲੋਂ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਪੁਲਸ ਬਲ ਨੂੰ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਰੱਖਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ ਹਨ।

ਪੁਲਸ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਵਿਚ ਸਹਿਯੋਗ ਕਰਨ, ਆਪਣੇ ਵਾਹਨ ਨਿਰਧਾਰਤ ਪਾਰਕਿੰਗ ਸਥਾਨਾਂ ’ਤੇ ਹੀ ਖੜ੍ਹੇ ਕਰਨ ਅਤੇ ਲਾਗੂ ਕੀਤੀਆਂ ਗਈਆਂ ਟ੍ਰੈਫਿਕ ਪਾਬੰਦੀਆਂ ਦੀ ਪਾਲਣਾ ਕਰਨ। ਪੁਲਸ ਨੇ ਖਾਸ ਤੌਰ ’ਤੇ ਅਪੀਲ ਕੀਤੀ ਹੈ ਕਿ ਨੋ-ਐਂਟਰੀ ਜ਼ੋਨ ਵਿਚ ਵਾਹਨ ਲੈ ਕੇ ਨਾ ਜਾਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸਰਗਰਮੀ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ





ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
