ਤੇਲ ਕੀਮਤਾਂ ਤੇ ਮਹਿੰਗਾਈ ਖ਼ਿਲਾਫ਼ 15 ਜੁਲਾਈ ਨੂੰ ਧਰਨੇ ਲਾਵੇਗਾ 'ਸ਼੍ਰੋਮਣੀ ਅਕਾਲੀ ਦਲ (ਸੰਯੁਕਤ)'

Monday, Jul 12, 2021 - 04:09 PM (IST)

ਮੋਹਾਲੀ (ਪਰਦੀਪ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਵਿੱਚ ਕੀਤੇ ਗਏ ਭਾਰੀ ਵਾਧੇ ਅਤੇ ਹਰ ਦਿਨ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ 15 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਅਤੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜ਼ਿਲ੍ਹਾ ਜੱਥੇਦਾਰ ਇਨ੍ਹਾਂ ਰੋਸ ਪ੍ਰਦਰਸ਼ਨਾ ਦੀ ਅਗਵਾਈ ਕਰਨਗੇ। ਉਪਰੰਤ ਪਾਰਟੀ ਵੱਲੋਂ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੀਮਤਾਂ ਵਾਪਸ ਲੈਣ ਲਈ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

ਇਸ ਸਬੰਧੀ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸੀਨੀਅਰ ਆਗੂਆਂ, ਅਹੁਦੇਦਾਰਾ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਇਨ੍ਹਾਂ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ  ਨੇ ਕਿਹਾ ਕਿ ਪੈਟਰੋਲ, ਡੀਜ਼ਲ, ਰਸੋਈ ਗੈਸ ਤੋਂ ਇਲਾਵਾ ਘਰ ਦੇ ਰਾਸ਼ਨ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਕਾਰਨ ਜਿੱਥੇ ਆਮ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ, ਉੱਥੇ ਹੀ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੱਧਰ `ਤੇ ਇਸ ਨੂੰ ਘੱਟ ਕਰਨ ਨੂੰ ਲੈ ਕੇ ਕੋਈ ਕਦਮ ਨਹੀ ਚੁੱਕੇ ਜਾ ਰਹੇ।  ਕੈਪਟਨ ਅਮਰਿੰਦਰ ਸਿੰਘ ਸਰਕਾਰ ਆਪਣੇ ਅੰਦਰੂਨੀ ਕਲੇਸ਼ ਵਿੱਚ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਲਗਾਤਾਰ ਰਸੋਈ ਗੈਸ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਘਰੇਲੂ ਗੈਸ ਸਿਲੰਡਰਾਂ `ਤੇ ਦਿੱਤੀ ਜਾਣ ਵਾਲੀ ਸਬਸਿਡੀ `ਤੇ ਰੋਕ ਲਗਾਈ ਜਾ ਰਹੀ ਹੈ। ਇਸ ਤਰ੍ਹਾਂ ਆਮ ਆਦਮੀ ਨੂੰ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਭੋਜਨ ਸਮੱਗਰੀ ਅਤੇ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਕਈਂ ਗੁਣਾ ਵਾਧਾ ਹੋ ਚੁੱਕਾ ਹੈ, ਜਿਸ ਨਾਲ ਲੋਕਾਂ ਦੀ ਆਰਥਿਕਤਾ `ਤੇ ਬਹੁਤਾ ਵੱਡਾ ਬੋਝ ਪਿਆ ਹੈ।
 ਮਹਿੰਗਾਈ `ਤੇ ਕਾਬੂ ਪਾਉਣਾ ਸਰਕਾਰਾਂ ਦਾ ਕੰਮ ਹੈ। ਜਿਹੜੀ ਸਰਕਾਰ ਮਹਿੰਗਾਈ ਨੂੰ ਕਾਬੂ ਵਿੱਚ ਨਹੀ ਰੱਖ ਸਕਦੀ, ਉਸ ਦੇ ਕੰਮ ਕਰਨ ਦੀ ਨੀਅਤ ਲੋਕ ਪੱਖੀ ਨਹੀ ਹੋ ਸਕਦੀ ਅਤੇ ਮੌਜੂਦਾ ਹਾਲਾਤ ਵਿੱਚ ਕੇਂਦਰ ਅਤੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਿੰਗਾਈ `ਤੇ ਨੱਥ ਪਾਉਣ ਵਿੱਚ ਫੇਲ੍ਹ ਸਾਬਿਤ ਹੋਈ ਹੈ।
 ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਮਹਿੰਗਾਈ ਨੂੰ ਲੈ ਕੇ ਵਧੀ ਨਾਰਾਜ਼ਗੀ ਨੂੰ ਵੇਖਦੇ ਹੋਏ ਪਾਰਟੀ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪੱਧਰ `ਤੇ ਧਰਨੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਆਮ ਲੋਕਾ ਨੂੰ ਇਨ੍ਹਾਂ ਧਰਨਿਆ ਵਿੱਚ ਸ਼ਮੂਲੀਅਤ ਕਰਨ ਦੀ ਜ਼ੋਰਦਾਰ ਅਪੀਲ ਕੀਤੀ।
 


Babita

Content Editor

Related News