ਸ਼ਵੇਤ ਮਲਿਕ ਨੇ ਕੈਪਟਨ ਸਰਕਾਰ ''ਤੇ ਲਾਇਆ ਵਾਅਦਾਖਿਲਾਫੀ ਦਾ ਦੋਸ਼
Monday, Aug 13, 2018 - 10:34 AM (IST)

ਬਠਿੰਡਾ— ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦਾ ਅਹੁਦਾ ਸੰਭਾਲਣ ਮਗਰੋਂ ਬਿੱਤੇ ਦਿਨ ਬਠਿੰਡਾ ਵਿਚ ਪਹਿਲੀ ਵਾਰ ਪੁੱਜੇ ਸ਼ਵੇਤ ਮਲਿਕ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਤਰ੍ਹਾਂ ਨਾਲ ਫੇਲ ਹੈ ਅਤੇ ਇਸ ਨੇ ਲੋਕਾਂ ਨਾਲ ਵਾਅਦਾਖਿਲਾਫੀ ਤੋਂ ਬਿਨਾਂ ਕੁਝ ਨਹੀਂ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੁਹਿੰਮ ਦੌਰਾਨ ਚਾਰ ਹਫਤਿਆਂ ਅੰਦਰ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ ਪਰ ਸਵਾ ਸਾਲ ਬੀਤ ਜਾਣ ਬਾਅਦ ਵੀ ਨਸ਼ਾ ਖਤਮ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ 15 ਅਗਸਤ ਤੋਂ ਪੰਜਾਬ ਸਰਕਾਰ ਖਿਲਾਫ 'ਕਾਂਗਰਸ ਗੱਦੀ ਛੋੜੋ, ਨਸ਼ੇ ਮੇਂ ਡੂਬਾ ਪੰਜਾਬ' ਨਾਅਰੇ ਤਹਿਤ ਪਦ ਯਾਤਰਾ ਕੀਤੀ ਜਾਵੇਗੀ, ਜਿਸ ਦੌਰਾਨ ਲੋਕਾਂ ਨੂੰ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਬਠਿੰਡਾ ਏਮਜ਼ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡੇਢ ਸਾਲ ਨਕਸ਼ਾ ਪਾਸ ਕਰਨ 'ਤੇ ਲਾ ਦਿੱਤਾ ਅਤੇ ਬਠਿੰਡਾ ਹਵਾਈ ਅੱਡੇ ਦੇ ਵਿਸਥਾਰ ਲਈ ਜ਼ਮੀਨ ਕੇਂਦਰ ਨੂੰ ਨਹੀਂ ਦਿੱਤੀ। ਉਨ੍ਹਾਂ ਕਿਹਾ ਮੋਦੀ ਸਰਕਾਰ ਨੇ ਇਸ ਪ੍ਰੋਜੈਕਟ ਲਈ 299 ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਸੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਇਸ ਪ੍ਰੋਜੈਕਟ ਲਈ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ਵਿੱਢੀ ਸੀ ਪਰ ਕਾਂਗਰਸ ਸਰਕਾਰ ਦੇ ਆਉਣ ਮਗਰੋਂ ਕੋਈ ਕਾਰਵਾਈ ਨਹੀਂ ਹੋਈ।