ਵਾਅਦੇ ਪੂਰੇ ਨਾ ਕਰਕੇ ਕੈਪਟਨ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਧੋਖਾ: ਸ਼ਵੇਤ ਮਲਿਕ

10/17/2019 3:02:39 PM

ਫਗਵਾੜਾ (ਜਲੋਟਾ)— ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਅੱਜ ਫਗਵਾੜਾ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਕਾਂਗਰਸ ਦੀ ਸਰਕਾਰ ਦੀ ਮੌਜੂਦੀ 'ਚ ਪੰਜਾਬ 'ਚ ਆਰਿਥਕ ਹਾਲਾਤ ਬੇਹੱਦ ਮਾੜੇ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਸਿਰਫ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ 'ਚ ਫੜ ਕੇ ਪੰਜਾਬ 'ਚੋਂ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਤੋਂ ਇਲਾਵਾ ਵੀ ਕੈਪਟਨ ਵੱਲੋਂ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਗਏ ਸਨ ਪਰ ਉਨ੍ਹਾਂ ਵੱਲੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਸਵਾਲ ਕਰਨਾ ਚਾਹੁੰਦੀ ਹੈ ਕਿ ਕਾਂਗਰਸ ਸਰਕਾਰ ਦੀ ਪਰਫਾਰਮੈਂਸ ਕਿੱਥੇ ਹੈ। 

ਉਥੇ ਹੀ ਦੂਜੇ ਪਾਸੇ ਅਕਾਲੀ-ਭਾਜਪਾ ਦੇ ਗਠਜੋੜ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਅਕਾਲੀ-ਭਾਜਪਾ ਦਾ ਗਠੋਜੜ ਪੂਰੀ ਤਰ੍ਹਾਂ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਨਿੱਜੀ ਤੌਰ 'ਤੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਬੇਹੱਦ ਇੱਜ਼ਤ ਕਰਦੇ ਹਨ ਅਤੇ ਸੁਖਬੀਰ ਬਾਦਲ ਸਮੇਤ ਬਾਕੀ ਅਕਾਲੀ-ਭਾਜਪਾ ਦੇ ਆਗੂਆਂ ਨਾਲ ਪੰਜਾਬ 'ਚ ਵਧੀਆ ਤਾਲਮੇਲ ਹੈ। ਹਰਿਆਣਾ ਦੇ ਮੁੱਦੇ 'ਤੇ ਉਨ੍ਹਾਂ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸਿਰਫ ਪੰਜਾਬ ਦੇ ਸੂਬਾ ਪ੍ਰਧਾਨ ਹਨ ਅਤੇ ਪੰਜਾਬ ਬਾਰੇ ਹੀ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਾਡੀ ਸਰਕਾਰ ਦੇ ਸਮੇਂ ਕਈ ਸਕੀਮਾਂ ਚਲਾਈਆਂ ਗਈਆਂ ਸਨ, ਜਿਨ੍ਹਾਂ ਨੂੰ ਕੈਪਟਨ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸੇ ਨੂੰ ਲੈ ਕੇ ਵੀ ਪੰਜਾਬ ਦੀ ਜਨਤਾ 'ਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਦਾ ਵਿਸ਼ਵਾਸ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਵੱਲ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਭਾਤ ਝਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਆਗੂ ਸ਼ਾਮਲ ਸਨ।

shivani attri

This news is Content Editor shivani attri