ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਹਫ਼ਤੇ 'ਚ ਦੂਜੀ ਵਾਰ ਸੁਰਖੀਆਂ 'ਚ 'ਜ਼ਿਲ੍ਹਾ ਮਾਨਸਾ'
Monday, May 30, 2022 - 02:31 PM (IST)
ਲੁਧਿਆਣਾ (ਹਿਤੇਸ਼) : ਪੰਜਾਬ ਦੇ ਸਿਹਤ ਮੰਤਰੀ ਦੀ ਬਰਖ਼ਾਸਤਗੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਮਾਨਸਾ ਇਕ ਹਫ਼ਤੇ ਅੰਦਰ ਦੂਜੀ ਵਾਰ ਸੁਰਖ਼ੀਆਂ 'ਚ ਆ ਗਿਆ ਹੈ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ 'ਚ ਜਿਸ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਕੇ ਜੇਲ੍ਹ ਭੇਜਿਆ ਗਿਆ ਹੈ, ਉਹ ਮਾਨਸਾ ਤੋਂ ਵਿਧਾਇਕ ਹਨ। ਉਨ੍ਹਾਂ ਦਾ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਉਮੀਦਵਾਰ ਦੇ ਰੂਪ 'ਚ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨਾਲ ਸਖ਼ਤ ਮੁਕਾਬਲਾ ਰਿਹਾ ਹੈ ਅਤੇ ਚੋਣਾਂ ਤੋਂ ਬਾਅਦ ਵੀ ਦੋਹਾਂ ਵਿਚਕਾਰ ਤਣਾਅ ਬਰਕਰਾਰ ਰਿਹਾ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਦੇ 12 ਘੰਟਿਆਂ ਅੰਦਰ 5 ਮਿਲੀਅਨ ਵਾਰ ਦੇਖਿਆ ਗਿਆ 'The Last Ride' ਗੀਤ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਦੋਂ ਸਿੰਗਲਾ ਨੂੰ ਬਰਖ਼ਾਸਤ ਕਰਨ ਦਾ ਐਲਾਨ ਕੀਤਾ ਗਿਆ ਤਾਂ ਸੋਸ਼ਲ ਮੀਡੀਆ 'ਤੇ ਖੂਬ ਚਰਚਾ ਹੋਈ, ਜਿਸ 'ਚ ਮਾਨਸਾ ਦਾ ਜ਼ਿਕਰ ਆਉਣਾ ਸੁਭਾਵਿਕ ਹੈ। ਹੁਣ ਸਿੱਧੂ ਮੂਸੇਵਾਲਾ ਦਾ ਮਾਨਸਾ 'ਚ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ, ਜੋ ਮੁੱਦਾ ਪੰਜਾਬ ਜਾਂ ਦੇਸ਼ ਤਾਂ ਕੀ ਅੰਤਰਰਾਸ਼ਟਰੀ ਪਲੇਟਫਾਰਮ 'ਤੇ ਵੀ ਛਾਇਆ ਹੋਇਆ ਹੈ, ਜਿਸ 'ਚ ਮਾਨਸਾ ਦੀ ਚਰਚਾ ਇਸ ਲਈ ਵੀ ਹੋ ਰਹੀ ਹੈ ਕਿਉਂਕਿ ਸਿੱਧੂ ਮੂਸੇਵਾਲਾ ਮਾਨਸਾ ਦੇ ਹੀ ਰਹਿਣ ਵਾਲੇ ਸਨ।
ਇਸ ਮਾਮਲੇ ਦਾ ਵੀ ਆਮ ਆਦਮੀ ਪਾਰਟੀ ਨਾਲ ਇਹ ਕੁਨੈਕਸ਼ਨ ਜੁੜ ਗਿਆ ਹੈ ਕਿ ਸਰਕਾਰ ਵੱਲੋਂ ਇਕ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕੀਤੀ ਗਈ ਸੀ ਅਤੇ ਉਸ ਦੇ ਕਤਲ ਨੂੰ ਕਾਨੂੰਨ ਵਿਵਸਥਾ ਦੀ ਪਤਲੀ ਹਾਲਤ ਨਾਲ ਜੋੜ ਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਆਮ ਜਨਤਾ ਵੀ ਸੋਸ਼ਲ ਮੀਡੀਆ ਜ਼ਰੀਏ ਸਰਕਾਰ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ