ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਕੀਤੀ ਇਹ ਮੰਗ
Saturday, Jun 04, 2022 - 04:05 PM (IST)
ਚੰਡੀਗੜ੍ਹ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਚੰਡੀਗੜ੍ਹ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਜਲਦ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ : ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਨਾਈਜੀਰੀਅਨ ਰੈਪਰ, ਸ਼ੋਅ 'ਚ ਸਿੱਧੂ ਦੇ ਹੀ ਸਿਗਨੇਚਰ ਸਟਾਈਲ 'ਚ ਦਿੱਤੀ ਸ਼ਰਧਾਂਜਲੀ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਅਜੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਸੀ, ਜਿਸ ’ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁਖ ਦਾ ਪ੍ਰਗਟਾਵਾ ਕਰਨ ਲਈ ਗਏ ਸਨ। ਇਸ ਦੌਰਾਨ ਭਾਜਪਾ ਦੇ ਪੰਜਾਬ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਕਤ ਪਰਿਵਾਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਵਾਈ ਜਾਵੇਗੀ ਅਤੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।