ਸਿੱਧੂ ਮੂਸੇਵਾਲਾ ਨੇ ਆਪਣੇ ਗੀਤ 'ਚ ਪੰਜਾਬੀਆਂ ਲਈ ਗ਼ੱਦਾਰ ਸ਼ਬਦ ਵਰਤ ਕੇ ਕੀਤਾ ਬੇਇੱਜ਼ਤ : ਮਾਲਵਿੰਦਰ ਕੰਗ

04/12/2022 7:57:25 PM

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸੀ ਆਗੂ ਅਤੇ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਆਪਣੇ ਗੀਤ 'ਸਕੇਪ ਗੌਟ' ਰਾਹੀਂ ਪੰਜਾਬੀ ਲੋਕਾਂ ਨੂੰ ਗ਼ੱਦਾਰ ਸ਼ਬਦ ਨਾਲ ਸੰਬੋਧਨ ਕਰਨ ਅਤੇ ਹੇਠਲੇ ਪੱਧਰ ਦੀ ਗਾਲ੍ਹ ਕੱਢਣ ਦਾ ਦੋਸ਼ ਲਾਇਆ ਹੈ। 'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ 'ਚ ਇਕ ਪੱਤਰਕਾਰ ਸੰਮੇਲਨ ਦੌਰਾਨ ਸਿੱਧੂ ਮੂਸੇਵਾਲਾ 'ਤੇ ਪੰਜਾਬੀਆਂ ਦੀ ਬੇਇੱਜ਼ਤੀ ਕਰਨ ਦਾ ਦੋਸ਼ ਲਾਉਂਦਿਆਂ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਸਪੱਸ਼ਟੀਕਰਨ ਮੰਗਿਆ ਹੈ। ਇਸ ਸਮੇਂ ਪਾਰਟੀ ਦੇ ਬੁਲਾਰੇ ਨੀਲ ਗਰਗ ਤੇ ਵਨੀਤ ਵਰਮਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ  : 'ਲੋਕ ਨਾਇਕ' ਬ੍ਰਿਗੇਡੀਅਰ ਪ੍ਰੀਤਮ ਸਿੰਘ : ਕਦੋਂ ਮਿਲੇਗਾ ਸੂਰਬੀਰ ਨੂੰ ਸਨਮਾਨ?

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਸਿੱਧ ਗਾਇਕ ਅਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ਤੋਂ ਮਾਨਸਾ ਹਲਕੇ ਤੋਂ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ਵਿੱਚ 3 ਕਰੋੜ ਪੰਜਾਬੀਆਂ ਨੂੰ ਗ਼ੱਦਾਰ ਸ਼ਬਦ ਰਾਹੀਂ ਸੰਬੋਧਨ ਕੀਤਾ ਹੈ, ਜੋ ਕਾਂਗਰਸ ਦੇ ਪੰਜਾਬ ਵਿਰੋਧੀ ਰਵੱਈਏ, ਨੀਤੀ ਅਤੇ ਇਤਿਹਾਸ ਨੂੰ ਪੇਸ਼ ਕਰਦਾ ਹੈ। ਮੂਸੇਵਾਲਾ ਨੇ ਨਾ ਕੇਵਲ ਪੰਜਾਬੀ ਸੂਰਬੀਰਾਂ ਨੂੰ ਗ਼ੱਦਾਰ ਕਹਿ ਕੇ ਸੰਬੋਧਨ ਕੀਤਾ, ਸਗੋਂ ਹੇਠਲੇ ਪੱਧਰ ਦੀ ਗਾਲ੍ਹ ਵੀ ਕੱਢੀ ਹੈ। ਉਨ੍ਹਾਂ ਕਿਹਾ ਕਿ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਵਾਸੀਆਂ ਨੇ ਕਾਂਗਰਸ ਅਤੇ ਇਸ ਦੇ ਆਗੂਆਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਹਾਰ ਕਾਰਨ ਬੌਖਲਾਹਟ ਵਿੱਚ ਵਿਚਰਦੇ ਸਿੱਧੂ ਮੂਸੇਵਾਲਾ ਨੇ ਗੀਤ ਦੇ ਰਾਹੀਂ ਕਾਂਗਰਸੀ ਆਗੂਆਂ ਦੀ ਪੰਜਾਬੀਆਂ ਪ੍ਰਤੀ ਹਮੇਸ਼ਾ ਰਹੀ ਘਟੀਆ ਸੋਚ ਨੂੰ ਹੀ ਅੱਗੇ ਵਧਾਇਆ ਹੈ।

ਇਹ ਵੀ ਪੜ੍ਹੋ  : ਬਿਜਲੀ ਸੰਕਟ ਵੱਲ ਵਧ ਰਿਹੈ ਪੰਜਾਬ! ਗੋਇੰਦਵਾਲ ਸਾਹਿਬ ਸਥਿਤ ਥਰਮਲ ਪਲਾਂਟ ਹੋਇਆ ਬੰਦ

ਕੰਗ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਵਿਰੋਧੀ ਨੀਤੀਆਂ ਬਣਾਈਆਂ ਹਨ। ਕਾਂਗਰਸ ਦੇ ਇਤਿਹਾਸ ਵਿੱਚ ਸਿੱਖ ਕਤਲੇਆਮ, ਪੰਜਾਬੀ ਬੋਲਦੇ ਇਲਾਕੇ ਤੇ ਰਾਜਧਾਨੀ ਖੋਹਣ ਦੇ ਦਾਗ਼ ਸਪੱਸ਼ਟ ਦਿਖਾਈ ਦਿੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਸਿੱਧੂ ਮੂਸੇਵਾਲ ਦੇ ਗੀਤ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਕਾਂਗਰਸ ਸਿੱਧੂ ਮੂਸੇਵਾਲਾ ਦੇ ਗੀਤ ਨਾਲ ਇਤਫ਼ਾਕ ਰੱਖਦੀ ਹੈ ਜਾਂ ਨਹੀਂ, ਜੇ ਨਹੀਂ ਰੱਖਦੀ ਤਾਂ ਮੂਸੇਵਾਲਾ ਨੂੰ ਤੁਰੰਤ ਪਾਰਟੀ 'ਚੋਂ ਬਾਹਰ ਕਰਨਾ ਚਾਹੀਦਾ ਹੈ ਅਤੇ ਕਾਂਗਰਸ ਹਾਈਕਮਾਂਡ ਨੂੰ ਸਮੁੱਚੇ ਪੰਜਾਬੀਆਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Harnek Seechewal

This news is Content Editor Harnek Seechewal