ਸਿਕੰਦਰ ਸਿੰਘ ਮਲੂਕਾ ਨੇ ਕਾਂਗਰਸ ਦੀ ਨਸ਼ਾ ਵਿਰੋਧੀ ਮੁਹਿੰਮ ''ਤੇ ਲਈ ਚੁਟਕੀ, ਕੁਝ ਇਸ ਤਰ੍ਹਾਂ ਦਾ ਦਿੱਤਾ ਬਿਆਨ
Sunday, Oct 29, 2017 - 07:16 PM (IST)
ਤਲਵੰਡੀ ਸਾਬੋ (ਮੁਨੀਸ਼) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਜ਼ਿਲਾ ਬਠਿੰਡਾ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਸਰਕਾਰ ਦੀ ਸੂਬੇ ਵਿਚੋਂ ਨਸ਼ਾ ਖਤਮ ਕਰਨ ਦੀ ਮੁਹਿੰਮ 'ਤੇ ਚੁਟਕੀ ਲਈ ਹੈ। ਮਲੂਕਾ ਮੁਤਾਬਕ ਕਾਂਗਰਸ ਦੇ ਰਾਜ 'ਚ ਹੁਣ ਘਰ-ਘਰ ਨਸ਼ਾ ਪਹੁੰਚਾਉਣ ਦੀ ਨਵੀਂ ਸਕੀਮ ਸ਼ੁਰੂ ਹੋ ਗਈ ਹੈ। ਸਿਕੰਦਰ ਸਿੰਘ ਮਲੂਕਾ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹੋਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲੂਕਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਅੱਜ ਤੱਕ ਉਨ੍ਹਾਂ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਪੰਜਾਬ ਦੇ ਲੋਕਾਂ ਵੱਖ-ਵੱਖ ਤਰ੍ਹਾਂ ਦੇ ਟੈਕਸ ਲਗਾ ਕਿ ਵਾਧੂ ਆਰਥਿਕ ਬੋਝ ਪਾਇਆ।
ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦੀ ਸਹੁੰ ਖਾਧੀ ਸੀ ਪਰ ਹੁਣ ਕਾਂਗਰਸ ਸ਼ਰਾਬ ਸਸਤੀ ਕਰਕੇ ਆਪਣਾ ਖਜ਼ਾਨਾ ਭਰਨ ਦੀ ਯੋਜਨਾ ਬਣਾ ਰਹੀ ਹੈ। ਮਲੂਕਾ ਨੇ ਪੰਜਾਬ ਦੀ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਹੈ।
