ਪੰਥ ਵਿਰੋਧੀ ਤਾਕਤਾਂ ਦਾ ਸਾਹਮਣਾ ਕਰਨ ਲਈ ਸਿੱਖ ਕੌਮ ਹੋਵੇ ਇਕਜੁੱਟ : ਜਥੇਦਾਰ ਹਰਪ੍ਰੀਤ ਸਿੰਘ

02/23/2023 6:50:10 PM

ਬਟਾਲਾ (ਮਠਾਰੂ) : ਹਰਿਆਣਾ ’ਚ ਸਰਕਾਰੀ ਸ਼ਹਿ ਨਾਲ ਪੁਲਸ ਤੇ ਹੋਰਨਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਜੁੱਤੀਆਂ ਪਾ ਕੇ ਦਾਖ਼ਲ ਹੋਣ ਨਾਲ ਸਿੱਖ ਹਿਰਦਿਆਂ ਨੂੰ ਡੂੰਘੀ ਸੱਟ ਵੱਜੀ ਹੈ, ਇਸ ਦੀ ਸਿੱਖਾਂ ਸਮੇਤ ਹਰੇਕ ਧਰਮ ਵੱਲੋਂ ਭਾਰੀ ਨਿਖੇਧੀ ਕੀਤੀ ਜਾ ਰਹੀ ਹੈ, ਜਦਕਿ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਇਨ੍ਹਾਂ ਪੰਥ ਵਿਰੋਧੀ ਤਾਕਤਾਂ ਦਾ ਸਾਹਮਣਾ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪਰਦਾ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸਰਵਣ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੀਤਾ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਪੁਲਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋ ਕੇ ਕਬਜ਼ਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਬਹੁਤ ਨਿੰਦਨਯੋਗ ਅਤੇ ਧੱਕੇਸ਼ਾਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ ’ਤੇ ਪੁਲਸ ਦੇ ਜ਼ੋਰ ਨਾਲ ਕਬਜ਼ੇ ਕਰਨੇ ਹਨ, ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ’ਚੋਂ ਡੀਨੋਟੀਫਾਈ ਕਰਵਾਏ। ਜਥੇਦਾਰ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਦੇਸ਼ ’ਤੇ ਕੋਈ ਸੰਕਟ ਆਇਆ ਹੈ ਤਾਂ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਵੱਲੋਂ ਦਿੱਤੀਆਂ ਗਈਆਂ ਹਨ ਪਰ ਬਹੁਤ ਹੀ ਅਫਸੋਸ ਹੈ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਕੌਮ ਨੂੰ ਕੁਚਲਣ ਦਾ ਹੀ ਕੰਮ ਕੀਤਾ ਹੈ, ਜਦਕਿ ਸਾਰੀਆਂ ਸਰਕਾਰਾਂ ਦੀ ਮਿਲੀਭੁਗਤ ਕਰਕੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਕਈ ਸਾਲਾਂ ਤੋਂ ਜੇਲ੍ਹਾਂ ’ਚ ਕੈਦ ਹਨ, ਇਸ ਲਈ ਸਮੁੱਚੀ ਸਿੱਖ ਕੌਮ ਨੂੰ ਇਕਜੁੱਟਤਾ ਨਾਲ ਲਾਮਬੰਦ ਹੋਣਾ ਪਵੇਗਾ। 


Manoj

Content Editor

Related News