ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਤੇ ਹੋਰ ਸਿੱਖ ਵਿਰਾਸਤ ਨੂੰ ਸੰਭਾਲਣਾ ਅਤਿ ਜ਼ਰੂਰੀ : ਜਥੇਦਾਰ ਗੜਗੱਜ

Monday, Jun 30, 2025 - 10:52 AM (IST)

ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਤੇ ਹੋਰ ਸਿੱਖ ਵਿਰਾਸਤ ਨੂੰ ਸੰਭਾਲਣਾ ਅਤਿ ਜ਼ਰੂਰੀ : ਜਥੇਦਾਰ ਗੜਗੱਜ

ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅੱਜ ਮਹਾਰਾਜਾ ਦੇ ਅੰਮ੍ਰਿਤਸਰ ਦੇ ਪ੍ਰਸਿੱਧ ਰਾਮਬਾਗ਼ ਦੇ ਅੰਦਰ ਸਥਿਤ ਹਵਾ ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਦੇ ਰਾਗੀ ਜਥੇ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥੇ, ਭਾਈ ਸੁੱਚਾ ਸਿੰਘ ਡੇਰਾ ਪਠਾਣਾਂ ਦੇ ਕਵੀਸ਼ਰ ਜਥੇ ਨੇ ਹਾਜ਼ਰ ਸੰਗਤ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਵੱਲੋਂ ਪੁੱਜੀ ਮੰਗ ਅਤੇ ਇਸ ਸਾਲ ਮਹਾਰਾਜਾ ਦੀ ਬਰਸੀ ਮੌਕੇ ਭਾਰਤ ਤੋਂ ਪਾਕਿਸਤਾਨ ਸਿੱਖ ਜਥੇ ਨਾ ਜਾਣ ਦੇ ਮੱਦੇਨਜ਼ਰ ਰਾਮਬਾਗ਼ ਸਥਿਤ ਹਵਾ ਮਹਿਲ ਵਿਖੇ ਵਿਸ਼ੇਸ਼ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਖਿਆ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ,  ਸਰਪੰਚ ਸਮੇਤ ਚਾਰ ਲੋਕ...

ਜਥੇਦਾਰ ਗੜਗੱਜ ਨੇ ਇਹ ਸਮਾਗਮ ਕਰਵਾਉਣ ਵਿਚ ਪੂਰਨ ਸਹਿਯੋਗ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਪ੍ਰਬੰਧ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਾਜ਼ਰ ਸਿੱਖ ਵਿਰਾਸਤੀ ਸਥਾਨ ਰਾਮਬਾਗ਼ ਵਿਖੇ ਲੰਮੇ ਸਮੇਂ ਤੋਂ ਬਾਅਦ ਕਰਵਾਏ ਗਏ ਗੁਰਮਤਿ ਸਮਾਗਮ ਪ੍ਰਤੀ ਸੰਗਤ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੰਜਾਬ ਤੇ ਸ਼ਹਿਰ ਦੀਆਂ ਸੰਗਤਾਂ, ਸਮਾਜਿਕ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦੇ, ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦੇ ਤੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲਹਿੰਦੇ ਦੇ ਨਾਲ-ਨਾਲ ਚੜ੍ਹਦੇ ਪੰਜਾਬ ਅੰਦਰ ਵੀ ਸਿੱਖ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਅਗਲੀਆਂ ਪੀੜ੍ਹੀਆਂ ਲਈ ਇਹ ਇਤਿਹਾਸ ਸੰਭਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਭਵਿੱਖ ਵਿਚ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਰਾਹੀਂ ਰਾਮਬਾਗ਼ ਹਵਾ ਮਹਿਲ ਵਿਖੇ ਮਹਾਰਾਜਾ ਸਾਹਿਬ ਦੀ ਯਾਦ ਵਿਚ ਸਮਾਗਮ ਕਰਵਾਏ ਜਾਣ।

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਹਮੇਸ਼ਾ ਹੀ ਖ਼ਾਲਸਾ ਪੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਗੁਰੂ ਰਾਮਦਾਸ ਜੀ ਨੂੰ ਸਮਰਪਿਤ ਰਹੇ। ਮਹਾਰਾਜਾ ਰਣਜੀਤ ਸਿੰਘ ਨੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿਚ ਸੋਨਾ ਭੇਟ ਕੀਤਾ ਉੱਥੇ ਹੀ ਉਨ੍ਹਾਂ ਨੇ ਕਾਸ਼ੀ ਵਿਸ਼ਵਨਾਥ ਮੰਦਰ ਤੇ ਸੁਨਹਿਰੀ ਮਸੀਤ ਨੂੰ ਵੀ ਸੋਨੇ ਦੀ ਸੇਵਾ ਕੀਤੀ ਤੇ ਸ੍ਰੀ ਅੰਮ੍ਰਿਤਸਰ ਵਿੱਚ ਆਪਣਾ ਮਹਿਲ ਬਣਾਉਣ ਤੋਂ ਬਾਅਦ ਇੱਥੇ ਸਥਿਤ ਬਾਗ਼ ਦਾ ਨਾਮ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ਪੁਰ ਰਾਮਬਾਗ਼ ਰੱਖਿਆ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਰਾਮਬਾਗ਼ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਕੇ ਇੱਥੇ ਮਹਾਰਾਜਾ ਸਾਹਿਬ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜੋ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੈ। ਇੱਥੇ ਸਥਿਤ ਨਿਸ਼ਾਨ ਸਾਹਿਬ ਦੀ ਪੋਸ਼ਾਕ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

ਮਹਾਰਾਜਾ ਰਣਜੀਤ ਸਿੰਘ ਨੇ ਸਾਰੇ ਧਰਮਾਂ ਦੇ ਲੋਕਾਂ ਨੂੰ ਆਪਣੀ ਕੈਬਨਿਟ ਵਿੱਚ ਥਾਂ ਦੇ ਕੇ ਪੰਜਾਬ ਦਾ ਰਾਜ ਚਲਾਇਆ ਤੇ ਲੋਕ ਬਹੁਤ ਹੀ ਸੁਖੀ ਰਹੇ। ਉਨ੍ਹਾਂ ਕਿਹਾ ਕਿ ਸਾਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਜਿਹਾ ਰਾਜ ਪੰਜਾਬ ਦੇ ਵਿੱਚ ਫਿਰ ਹੋਵੇ ਜਿੱਥੇ ਸਾਰੇ ਭਾਈਚਾਰਿਆਂ ਦੇ ਲੋਕ ਆਪਸੀ ਪ੍ਰੇਮ ਕੇ ਇਤਫ਼ਾਕ ਦੇ ਨਾਲ ਰਹਿਣ। ਉਨ੍ਹਾਂ ਕਿਹਾ ਕਿ ਹਰ ਸਾਲ ਮਹਾਰਾਜਾ ਦਾ ਜਨਮ ਦਿਹਾੜਾ ਤੇ ਬਰਸੀ ਸਮਾਗਮ ਰਾਮਬਾਗ਼ ਵਿਖੇ ਮਨਾਏ ਜਾਣੇ ਚਾਹੀਦੇ ਹਨ। ਚੀਫ਼ ਖ਼ਾਲਸਾ ਦੀਵਾਨ ਦੇ ਸਬੰਧ ਵਿਚ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਸਿੱਖਾਂ ਦੀ ਬਹੁਤ ਹੀ ਸ਼ਾਨਦਾਰ ਸੰਸਥਾ ਹੈ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਪਹਿਲਾਂ ਹੋਂਦ ਵਿਚ ਆ ਗਈ ਸੀ। ਇਹ ਪੂਰੀ ਤਰ੍ਹਾਂ ਗੁਰਮਤਿ ਨੂੰ ਪਰਣਾਈ ਹੋਈ ਸੰਸਥਾ ਹੈ, ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਤਿਆਰ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News