ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
Sunday, Sep 20, 2026 - 12:50 PM (IST)
ਅੰਮ੍ਰਿਤਸਰ (ਸਰਬਜੀਤ)-ਥਾਈਲੈਂਡ ਵਿਚ ਇਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ।
ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਪ੍ਰਤੀਕ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਜਿਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉਥੇ ਹੀ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।
