''84 ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ''ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

11/02/2019 5:59:20 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ 'ਚ ਕੀਤੇ ਗਏ ਸਿੱਖ ਕਤਲੇਆਮ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੁਲਤਾਨ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ ਵਿਰਾਗਮਈ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਲਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ। 

ਇਸ ਸਮੇਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸੰਨ 1984 ਦਾ ਸਿੱਖ ਕਤਲੇਆਮ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਦੀ ਸਿਖ਼ਰ ਸੀ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ•ਾਂ ਆਖਿਆ ਕਿ ਸਰਕਾਰਾਂ ਦਾ ਕੰਮ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਕਰਨਾ ਹੁੰਦਾ ਹੈ, ਪਰੰਤੂ ਜਦੋਂ ਸਰਕਾਰਾਂ ਹੀ ਦੇਸ਼ ਅੰਦਰ ਵੱਸਦੀਆਂ ਘੱਟਗਿਣਤੀ ਕੌਮਾਂ ਨੂੰ ਮਿਟਾਉਣ ਦੇ ਰਾਹ ਤੁਰ ਪੈਣ ਤਾਂ ਇਸ ਤੋਂ ਵੱਡੀ ਤਰਾਸਦੀ ਹੋਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜੂਨ ਅਤੇ ਨਵੰਬਰ 1984 ਦੇ ਮਹੀਨੇ ਦੌਰਾਨ ਹਰ ਸਾਲ ਸਿੱਖਾਂ ਦੇ ਜ਼ਖ਼ਮ ਰਿਸਣ ਲੱਗਦੇ ਹਨ। ਉਨ੍ਹਾਂ ਦੁੱਖ ਨਾਲ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸਾਹਮਣੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਜੇ ਤੀਕ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ  ਕੁਲਵਿੰਦਰ ਸਿੰਘ ਰਮਦਾਸ, ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲੇ, ਸਿੱਖ ਆਗੂ ਹਰਭਜਨ ਸਿੰਘ ਨਿਊਜਰਸੀ, ਵਧੀਕ ਮੈਨੇਜਰ ਸੁਖਬੀਰ ਸਿੰਘ, ਬਘੇਲ ਸਿੰਘ, ਇੰਚਾਰਜ ਗੁਰਿੰਦਰਪਾਲ ਸਿੰਘ ਠਰੂ, ਮਨਜੀਤ ਸਿੰਘ ਕਾਦੀਆਂ, ਗੁਰਚਰਨ ਸਿੰਘ ਕੁਹਾਲਾ, ਸੁਖਬੀਰ ਸਿੰਘ, ਨਿਰਮਲ ਸਿੰਘ ਇੰਚਾਰਜ ਗੱਡੀਆਂ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਸੰਗਤਾਂ ਮੌਜੂਦ ਸਨ।


Gurminder Singh

Content Editor

Related News