ਖਾਲਸਾ ਸਾਜਨਾ ਦਿਹਾੜੇ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Friday, Mar 12, 2021 - 01:13 PM (IST)

*ਬੀਬੀ ਜਗੀਰ ਕੌਰ ਨੂੰ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਜਥੇ ਦੇ ਪ੍ਰੋਗਰਾਮ ਬਾਰੇ ਲਿਖਿਆ ਪੱਤਰ

ਅੰਮ੍ਰਿਤਸਰ (ਦੀਪਕ ਸ਼ਰਮਾ) : ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ। ਇਹ ਜਥਾ 21 ਅਪ੍ਰੈਲ ਤੱਕ ਪਾਕਿਸਤਾਨ ’ਚ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਮਗਰੋਂ 22 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਜਥੇ ਦੇ ਪ੍ਰੋਗਰਾਮ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਭੇਜਿਆ ਹੈ। ਬੀਬੀ ਜਗੀਰ ਕੌਰ ਨੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਵੱਲੋਂ ਭੇਜੇ ਗਏ ਪੱਤਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ ਅਤੇ ਇਸ ਤੋਂ ਇਲਾਵਾ ਸ਼ਰਧਾਲੂ ਵੱਖ-ਵੱਖ ਦਿਨਾਂ ’ਚ ਪਾਕਿਸਤਾਨ ’ਚ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੇ ਚੱਲਦਿਆਂ ਸਿਹਤ ਮਹਿਕਮੇ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। 

'ਇਹ ਵੀ ਪੜ੍ਹੋ : ਟਾਂਡਾ ’ਚ ਸ਼ਰਧਾ ਨਾਲ ਮਨਾਈ ਗਈ ਮਹਾ ਸ਼ਿਵਰਾਤਰੀ    

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਜਾਰੀ ਹਨ ਅਤੇ 11 ਅਪ੍ਰੈਲ ਨੂੰ ਵੀਜ਼ਾ ਲੱਗੇ ਪਾਸਪੋਰਟ ਸ਼ਰਧਾਲੂਆਂ ਨੂੰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਭੇਜੇ ਪੱਤਰ ਵਿਚ 11 ਦਿਨਾਂ ਦਾ ਪ੍ਰੋਗਰਾਮ ਪੁੱਜਾ ਹੈ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਪੁੱਜੇ ਪੱਤਰ ਅਨੁਸਾਰ 12 ਅਪ੍ਰੈਲ ਨੂੰ ਜਥਾ ਸੜਕੀ ਮਾਰਗ ਰਾਹੀਂ ਪਾਕਿਸਤਾਨ ਜਾਵੇਗਾ, ਜਿਥੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਰਧਾਲੂ ਮੁੱਖ ਸਮਾਗਮ ਦੌਰਾਨ ਸ਼ਮੂਲੀਅਤ ਕਰਨਗੇ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਅਤੇ 16 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਥਾ ਜਾਵੇਗਾ। ਇਸੇ ਦੌਰਾਨ 17-18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਸ਼ਰਧਾਲੂ ਨਤਮਸਤਕ ਹੋਣਗੇ। 21 ਅਪ੍ਰੈਲ ਨੂੰ ਮੁੜ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ ਨੂੰ ਜਥਾ ਵਾਪਸ ਭਾਰਤ ਪਰਤੇਗਾ।

'ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਡੀ. ਜੀ. ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ, ਜਾਣੋ ਕੀ ਹੈ ਪੂਰਾ ਮਾਮਲਾ


Anuradha

Content Editor

Related News