ਸਿੱਖ ਸੰਗਤਾਂ ਵੱਲੋਂ ਮੁੰਬਈ ''ਚ ਟਾਈਟਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰੋਸ ਮੁਜ਼ਾਹਰਾ

02/17/2018 5:09:05 AM

ਅੰਮ੍ਰਿਤਸਰ, (ਛੀਨਾ)- ਮੁੰਬਈ ਅਤੇ ਨਿਊ ਮੁੰਬਈ ਦੀਆਂ ਸਿੱਖ ਸੰਗਤਾਂ ਵੱਲੋਂ ਆਜ਼ਾਦ ਮੈਦਾਨ 'ਚ ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਤੇ ਸੁਪਰੀਮ ਕੌਂਸਲ ਨਵੀਂ ਮੁੰਬਈ ਦੀ ਅਗਵਾਈ 'ਚ '84 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਵੱਲੋਂ 100 ਸਿੱਖਾਂ ਨੂੰ ਮਾਰਨ ਦੇ ਹੋਏ ਖੁਲਾਸੇ ਉਪਰੰਤ ਟਾਈਟਲਰ ਨੂੰ ਖੂਨੀ ਟਾਈਟਲਰ ਦੇ ਨਾਂ ਨਾਲ ਬੁਲਾਏ ਜਾਣ ਅਤੇ ਉਸ ਦੀ ਤੁਰੰਤ ਗ੍ਰਿਫਤਾਰੀ ਨੂੰ ਲੈ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮੁਜ਼ਾਹਰਾਕਾਰੀਆਂ ਵੱਲੋਂ ਗਵਰਨਰ ਆਫ਼ ਮਹਾਰਾਸ਼ਟਰ ਅਤੇ ਮੁੱਖ ਮੰਤਰੀ ਮਹਾਰਾਸ਼ਟਰ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੁੱਦੇ ਨੂੰ ਲੈ ਕੇ ਮੁੰਬਈ ਦੀਆਂ ਸੰਗਤਾਂ ਦੇ ਵਫ਼ਦ ਵੱਲੋਂ 18 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬੱਲ ਤੇ ਸੁਪਰੀਮ ਕੌਂਸਲ ਨਵੀਂ ਮੁੰਬਈ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਰੋਸ ਧਰਨੇ ਦੌਰਾਨ ਮੰਗ ਕੀਤੀ ਗਈ ਕਿ ਸਟਿੰਗ ਆਪ੍ਰੇਸ਼ਨ 'ਚ ਹੋਏ ਖੁਲਾਸੇ ਨੂੰ ਲੈ ਕੇ ਟਾਈਟਲਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਸਿੱਖ ਕੌਮ ਨੂੰ ਇਨਸਾਫ਼ ਮਿਲ ਸਕੇ। ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਤੇ ਵਿਧਾਇਕ ਤਾਰਾ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 18 ਫਰਵਰੀ ਦੀ ਫੇਰੀ ਮੌਕੇ ਉਨ੍ਹਾਂ ਨੂੰ ਮਿਲ ਕੇ ਇਸ ਬਾਰੇ ਮੰਗ ਪੱਤਰ ਦਿੱਤਾ ਜਾਵੇਗਾ।


Related News