ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ : ਬੀਬੀ ਜਗੀਰ ਕੌਰ

02/19/2021 6:25:21 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਦੁਬਾਰਾ ਪੱਤਰ ਲਿਖ ਕੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਦਾ ਸੈੱਟ ਭੇਜਿਆ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਸਿੱਖਾਂ ਨੇ ਕੁਰਬਾਨੀਆਂ ਦੁਆਰਾ ਦੇਸ਼ ਦੀ ਅਜ਼ਾਦੀ ਦੀ ਨੀਂਹ ਰੱਖੀ ਪਰ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਦੀ ਸ਼ਮੂਲੀਅਤ ਨੂੰ ਭਾਰਤ ਸਰਕਾਰ ਵੱਲੋਂ ਰੋਕਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ। 

PunjabKesari

ਉਨ੍ਹਾਂ ਕਿਹਾ ਕਿ ਜ਼ਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਮਗਰੋਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜਿਆ ਸੀ। ਇਸ ਸਾਕੇ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ ਸੀ, ਜਿਸ ਮਗਰੋਂ ਮਹਾਤਮਾਂ ਗਾਂਧੀ ਨੂੰ ਵੀ ਕਹਿਣਾ ਪਿਆ ਸੀ ਕਿ ਦੇਸ਼ ਦੀ ਅਜ਼ਾਦੀ ਦੀ ਅੱਧੀ ਲੜਾਈ ਜਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਇਤਿਹਾਸ ਅੱਖੋਂ ਓਹਲੇ ਕਰਕੇ ਭਾਰਤ ਸਰਕਾਰ ਨੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਜਾ ਰਹੇ ਜਥੇ ਨੂੰ ਰੋਕਿਆ ਹੈ। ਕੇਂਦਰ ਸਰਕਾਰ ਦੀ ਇਹ ਕਾਰਵਾਈ ਦੇਸ਼ ਭਗਤ ਸਿੱਖ ਸ਼ਹੀਦਾਂ ਦਾ ਵੀ ਅਪਮਾਨ ਹੈ। 

PunjabKesari

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦਾ ਅਧਾਰ ਬਣੇ ਸਿੱਖਾਂ ਦੇ ਇਸ ਕੁਰਬਾਨੀਆਂ ਭਰੇ ਸਾਕਿਆਂ ਨੂੰ ਦਰਸਾਉਂਦੇ ਇਤਿਹਾਸ ਨਾਲ ਸਬੰਧਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਕਿਤਾਬਾਂ ਭੇਜੀਆਂ ਜਾ ਰਹੀਆਂ ਹਨ। ਇਨ੍ਹਾਂ ਕਿਤਾਬਾਂ ਦੇ ਨਾਲ ਦੋਹਾਂ ਆਗੂਆਂ ਨੂੰ ਸਾਕੇ ਦੀ ਇਤਿਹਾਸਕਤਾ ਤੋਂ ਜਾਣੂ ਕਰਵਾਉਂਦੇ ਪੱਤਰ ਵੀ ਭੇਜੇ ਜਾ ਰਹੇ ਹਨ। ਇਹ ਪੱਤਰ ਤੇ ਕਿਤਾਬਾਂ ਦੇ ਸੈੱਟ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪੱਧਰ ਦੇ ਅਧਿਕਾਰੀ ਜਾਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਿਤਾਬਾਂ ਭੇਜਣ ਦਾ ਮੰਤਵ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਸ ਗੱਲ ਦਾ ਅਹਿਸਾਸ ਕਰਵਾਉਣਾ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ’ਤੇ ਹੋ ਰਹੇ ਸਮਾਗਮਾਂ ਵਿਚ ਸੰਗਤਾਂ ਦੀ ਸ਼ਮੂਲੀਅਤ ਕਿਉਂ ਜ਼ਰੂਰੀ ਹੈ। 

PunjabKesari

ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਜੇ ਵੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ 21 ਫ਼ਰਵਰੀ ਵਾਲੇ ਸਮਾਗਮ ਦਾ ਹਿੱਸਾ ਬਣਨ ਲਈ ਸੰਗਤ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਓ.ਐੱਸ.ਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸੁਪਰੀਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ ਅਤੇ ਹੋਰ ਮੌਜੂਦ ਸਨ।


rajwinder kaur

Content Editor

Related News