ਮਨਰੇਗਾ ਘੁਟਾਲਿਆਂ ‘ਤੇ ਚੁੱਪੀ ਨੇ ਕਾਂਗਰਸ ਦੀ ਨੀਅਤ ਕੀਤੀ ਬੇਨਕਾਬ : ਢਿੱਲੋਂ

Saturday, Feb 28, 2026 - 07:20 PM (IST)

ਮਨਰੇਗਾ ਘੁਟਾਲਿਆਂ ‘ਤੇ ਚੁੱਪੀ ਨੇ ਕਾਂਗਰਸ ਦੀ ਨੀਅਤ ਕੀਤੀ ਬੇਨਕਾਬ : ਢਿੱਲੋਂ

ਚੰਡੀਗੜ੍ਹ : ਬਰਨਾਲਾ ਵਿੱਚ ਹੋਈ ਕਾਂਗਰਸ ਰੈਲੀ ਦੌਰਾਨ ਕਿਸਾਨਾਂ ਅਤੇ ਮਨਰੇਗਾ ਅਧੀਨ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ‘ਤੇ ਚੁੱਪੀ ਸਾਧਣ ਨੂੰ ਲੈ ਕੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪੰਜਾਬ ਭਾਜਪਾ ਦੇ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ ਦੀ ਹਾਜ਼ਰੀ 'ਚ ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਚ ਮਜ਼ਦੂਰਾਂ ਨਾਲ ਹੋਏ ਮਨਰੇਗਾ ਤਹਿਤ ਹਜ਼ਾਰਾਂ ਕਰੋੜ ਦੇ ਘੁਟਾਲਿਆਂ ਜਾਂ ਕਿਸਾਨੀ ਸੰਕਟ ਦਾ ਕੋਈ ਜ਼ਿਕਰ ਨਾ ਕਰਨਾ ਇਹ ਸਪੱਸ਼ਟ ਕਰਦਾ ਹੈ ਕਿ ਪੰਜਾਬ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਦੀ ‘ਬੀ ਟੀਮ’ ਵਜੋਂ ਕੰਮ ਕਰ ਰਹੀ ਹੈ। ਇਹ ਗੱਲ ਉਨ੍ਹਾਂ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਮਨਰੇਗਾ ਯੋਜਨਾ ਤਹਿਤ ਮਜ਼ਦੂਰਾਂ ਨਾਲ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਈਆਂ ਹਨ ਅਤੇ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲਿਆਂ ਦੇ ਦੋਸ਼ ਲੱਗਦੇ ਰਹੇ ਹਨ, ਪਰ ਬਰਨਾਲਾ ਰੈਲੀ ਦੌਰਾਨ ਕਾਂਗਰਸ ਨੇ ਨਾ ਤਾਂ ਮਜ਼ਦੂਰਾਂ ਦੀ ਬਕਾਇਆ ਦਿਹਾੜੀ ਦਾ ਮੁੱਦਾ ਚੁੱਕਿਆ ਅਤੇ ਨਾ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕੋਈ ਸਪੱਸ਼ਟ ਰਣਨੀਤੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਬਣਦੇ ਰੋਜ਼ਗਾਰ ਦੇ 100 ਦਿਨ ਨਹੀਂ ਮਿਲੇ, ਜਿਸ ਕਾਰਨ ਪਿੰਡਾਂ ਦੀ ਆਰਥਿਕਤਾ ਪ੍ਰਭਾਵਿਤ ਹੋਈ ਹੈ। 

ਢਿੱਲੋਂ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਇਸ ਮਾਮਲੇ ‘ਤੇ ਚੁੱਪ ਰਹੀਆਂ ਹਨ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਦੋਵੇਂ ਪਾਰਟੀਆਂ ਇਕ ਦੂਜੇ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਕੰਮ ਕਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੀ ‘ਵਿਕਸਿਤ ਭਾਰਤ ਜੀ-ਰਾਮ ਜੀ’ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਮਨਰੇਗਾ ਵਿੱਚ ਸੁਧਾਰ ਕਰਕੇ ਮਜ਼ਦੂਰਾਂ ਲਈ ਰੋਜ਼ਗਾਰ ਗਰੰਟੀ 100 ਦਿਨਾਂ ਤੋਂ ਵਧਾ ਕੇ 125 ਦਿਨ ਕੀਤੀ ਗਈ ਹੈ। 

ਦੇਸ਼ ਦੀ ਅਰਥਵਿਵਸਥਾ ਬਾਰੇ ਗੱਲ ਕਰਦਿਆਂ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ ਅਤੇ 2047 ਤੱਕ ਦੇਸ਼ ਨੂੰ ਵਿਸ਼ਵ ਦੀ ਅਗੇਤਰੀ ਅਰਥਵਿਵਸਥਾ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਿਜ਼ਨ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ ਦੀ ਅਰਥਵਿਵਸਥਾ 21 ਤੋਂ 30 ਟ੍ਰਿਲੀਅਨ ਡਾਲਰ ਤੱਕ ਪਹੁੰਚੇ।

ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ੀ ਵਪਾਰ ਸਮਝੌਤਿਆਂ ਅਤੇ ਨਿਵੇਸ਼ ਨਾਲ ਦੇਸ਼ ਵਿੱਚ ਉਦਯੋਗਿਕ ਵਿਕਾਸ ਨੂੰ ਬਲ ਮਿਲ ਰਿਹਾ ਹੈ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦਾ ਮਕਸਦ ਦੇਸ਼ ਅਤੇ ਪੰਜਾਬ ਦੇ ਮਜ਼ਦੂਰਾਂ, ਕਿਸਾਨਾਂ ਅਤੇ ਨੌਜਵਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ, ਜਦਕਿ ਵਿਰੋਧੀ ਪਾਰਟੀਆਂ ਸਿਰਫ ਸਿਆਸੀ ਦੋਸ਼ਾਰੋਪਣ ਤੱਕ ਸੀਮਿਤ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News